ਬਾਘਾ ਪੁਰਾਣਾ, 6 ਫਰਵਰੀ (ਟਿੰਕੂ ਕਾਠਪਾਲ)-ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਨਵੀਂ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਟਰੱਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਟਿੱਕੂ ਮੱਲ ਕੇ ਵਲੋਂ ਸਰਕਾਰ ਦੇ ਇਸ ਇਤਿਹਾਸਿਕ ਫ਼ੈਸਲੇ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਇਕ ਵੱਡੀ ਰਾਹਤ ਸਾਬਤ ਹੋਵੇਗੀ, ਖ਼ਾਸ ਕਰਕੇ ਮਜ਼ਦੂਰ ਵਰਗ, ਟਰੱਕ ਚਾਲਕਾਂ ਅਤੇ ਮੱਧ ਵਰਗੀ ਪਰਿਵਾਰਾਂ ਲਈ, ਜੋ ਮਹਿੰਗੇ ਇਲਾਜ ਕਾਰਨ ਅਕਸਰ ਕਰਜ਼ੇ ਦੇ ਬੋਝ ਹੇਠ ਆ ਜਾਂਦੇ ਸਨ | ਉਨ੍ਹਾਂ ਦੱਸਿਆ ਕਿ ਟਰੱਕ ਯੂਨੀਅਨ ਨਾਲ ਜੁੜੇ ਸੈਂਕੜੇ ਡਰਾਈਵਰ ਅਤੇ ਮਜ਼ਦੂਰ ਪਰਿਵਾਰ ਅਜਿਹੇ ਹਨ, ਜੋ ਦਿਨ-ਰਾਤ ਮਿਹਨਤ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ ਅਤੇ ਕਿਸੇ ਵੀ ਗੰਭੀਰ ਬਿਮਾਰੀ ਦੀ ਸਥਿਤੀ ਵਿਚ ਮਹਿੰਗਾ ਇਲਾਜ ਕਰਵਾਉਣਾ ਉਨ੍ਹਾਂ ਲਈ ਮੁਸ਼ਕਲ ਹੋ ਜਾਂਦਾ ਸੀ | ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹੀ, ਸਗੋਂ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ | ਟਿੱਕੂ ਮੱਲ ਕੇ ਨੇ ਕਿਹਾ ਕਿ ਟਰੱਕ ਯੂਨੀਅਨ ਬਾਘਾ ਪੁਰਾਣਾ ਸਰਕਾਰ ਦੇ ਇਸ ਉਪਰਾਲੇ ਦਾ ਪੂਰਾ ਸਮਰਥਨ ਕਰਦੀ ਹੈ | ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਹਿੱਤੈਸ਼ੀ ਯੋਜਨਾਵਾਂ ਨਾਲ ਸੂਬੇ ਦੇ ਲੋਕਾਂ ਦਾ ਸਰਕਾਰ 'ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਯੋਜਨਾ ਲੱਖਾਂ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ |