ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਯੋਗ ਬਿਨੈਕਾਰਾਂ ਦੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਕੀਤੀ ਜਾ ਸਕੇ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿਚ ਇਹ ਵਿਸ਼ੇਸ਼ ਕੈਂਪ ਜਾਰੀ ਹਨ | ਉਨ੍ਹਾਂ ਕਿਹਾ ਕਿ ਮੋਗਾ ਜ਼ਿਲਵੇ ਵਿਚ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ 300 ਕਾਮਨ ਸਰਵਿਸ ਸੈਂਟਰਾਂ ਵਿਖੇ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ | ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਕੋਲ ਆਪਣਾ ਆਧਾਰ ਕਾਰਡ ਜਿਸ ਨਾਲ ਮੋਬਾਈਲ ਨੰਬਰ ਲਿੰਕ ਹੋਵੇ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ | ਜੇਕਰ ਕਿਸੇ ਪਰਿਵਾਰਕ ਮੈਂਬਰ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਜਨਮ ਸਰਟੀਫਿਕੇਟ ਲਾਜ਼ਮੀ ਹੈ | ਉਨਵਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰੇਕ ਯੋਗ ਵਿਅਕਤੀ ਨੂੰ ਇਸ ਸਕੀਮ ਤਹਿਤ ਰਜਿਸਟਰਡ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਜ਼ਿਲ੍ਹਾ ਮੋਗਾ ਦੇ 22 ਸਥਾਨਾਂ ਉੱਪਰ ਇਹ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ | ਸਬ-ਡਵੀਜ਼ਨ ਮੋਗਾ ਵਿਖੇ 4, ਸਬ-ਡਵੀਜ਼ਨ ਬਾਘਾ ਪੁਰਾਣਾ ਵਿਖੇ 7, ਸਬ-ਡਵੀਜ਼ਨ ਧਰਮਕੋਟ ਵਿਖੇ 5 ਅਤੇ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 6 ਥਾਵਾਂ ਵਿਖੇ ਇਹ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ |