ਬਾਘਾ ਪੁਰਾਣਾ, 21 ਫਰਵਰੀ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਾਘਾ ਪੁਰਾਣਾ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਥੇ. ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਹਲਕੇ ਭਰ ਵਿਚ ਨੌਜਵਾਨਾਂ ਵਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਇਕ ਵਿਸ਼ੇਸ਼ ਮੀਟਿੰਗ ਦੌਰਾਨ ਨੌਜਵਾਨ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਹੱਕਾਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਲਈ ਇਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਹਰਪ੍ਰੀਤ ਸਿੰਘ ਕਾਲੇਕੇ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ, ਨਸ਼ਿਆਂ ਅਤੇ ਖੇਤੀ ਸੰਕਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਦਾ ਹੱਲ ਲੱਭਣ ਲਈ ਸੂਬੇ ਦੀ ਰਾਜਨੀਤੀ ਵਿਚ ਮਜ਼ਬੂਤ ਆਵਾਜ਼ ਬਣਨਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਆਉਣ ਵਾਲੀ ਰੈਲੀ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰੇਗੀ | ਇਸ ਮੌਕੇ ਜਵਾਹਰ ਸਿੰਘ ਸਰਪੰਚ ਰਾਜੇਆਣਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਬਾਘਾ ਪੁਰਾਣਾ ਦੀ ਧਰਤੀ ਹਮੇਸ਼ਾ ਪੰਥਕ ਤੇ ਰਾਜਨੀਤਿਕ ਗਤੀਵਿਧੀਆਂ ਦਾ ਕੇਂਦਰ ਰਹੀ ਹੈ ਅਤੇ ਇਸ ਵਾਰ ਵੀ ਨੌਜਵਾਨਾਂ ਦੀ ਭਾਰੀ ਹਾਜ਼ਰੀ ਨਾਲ ਰੈਲੀ ਨੂੰ ਨਵਾਂ ਰੁਖ ਮਿਲੇਗਾ |