ਬਾਘਾ ਪੁਰਾਣਾ, 25 ਫਰਵਰੀ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਹਲਕਾ ਬਾਘਾ ਪੁਰਾਣਾ ਦੇ ਟਕਸਾਲੀ ਕਾਂਗਰਸੀ ਆਗੂ ਗੁਰਬਚਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਕਾਂਗਰਸੀ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਗਿੱਲ ਕਾਲੇਕੇ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੀ ਸਮੁੱਚੀ ਸੀਨੀਅਰ ਲੀਡਰਸ਼ਿੱਪ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ¢ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕਰਨਾ ਸੀ¢ ਮੀਟਿੰਗ ਵਿਚ ਕਾਂਗਰਸ ਪਾਰਟੀ ਵਲੋਂ ਮੁੱਖ ਸੇਵਾਦਾਰ ਦੀ ਕਮਾਂਡ ਸੰਭਾਲ ਰਹੇ ਜਗਸੀਰ ਸਿੰਘ ਕਾਲੇਕੇ, ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਸਮੇਤ ਜ਼ਿਲੇ੍ਹ ਦੀ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਰਹੀ¢ ਆਗੂਆਂ ਨੇ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ¢ ਸੂਬਾ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 2027 ਦੀਆਂ ਚੋਣਾਂ ਕਾਂਗਰਸ ਪਾਰਟੀ ਲਈ ਬਹੁਤ ਮਹੱਤਵਪੂਰਨ ਹਨ ¢ ਉਨ੍ਹਾਂ ਆਗੂਆਂ ਨੂੰ ਨਿਰਦੇਸ਼ ਦਿੱਤੇ ਕਿ ਬੂਥ ਪੱਧਰ 'ਤੇ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾਵੇ ਅਤੇ ਲੋਕਾਂ ਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇ ¢ ਮੀਟਿੰਗ ਦੌਰਾਨ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ 'ਮਨਰੇਗਾ ਸੰਘਰਸ਼ ਬਚਾਓ ਰੈਲੀ' ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸਾਰੇ ਆਗੂਆਂ ਨੂੰ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ ਦੀ ਅਪੀਲ ਕੀਤੀ ਗਈ ¢ ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਪਿੰਡ ਅਤੇ ਸ਼ਹਿਰ ਪੱਧਰ 'ਤੇ ਮੀਟਿੰਗਾਂ ਕਰਨ ਦਾ ਫੈਸਲਾ ਵੀ ਲਿਆ ਗਿਆ ਤਾਂ ਜੋ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਜਾ ਸਕੇ¢