ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਵੱਡੀ ਤਨਖ਼ਾਹ ਕਟੌਤੀ ਕਰਨ ਅਤੇ 3 ਸਾਲ ਦੇ ਦੁਬਾਰਾ ਲਗਾਏ ਪਰਖ ਕਾਲ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਦਫ਼ਤਰੀ ਕਰਮਚਾਰੀਆਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਬੀ.ਐੱਡ ਅਧਿਆਪਕ ਫ਼ਰੰਟ ਦੇ ਪੰਜਾਬ ਪ੍ਰਧਾਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਵਿਭਾਗ ਵਿਚ ਸੇਵਾ ਨਿਭਾਅ ਰਹੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਬਜਾਏ ਮੌਜੂਦਾ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮ ਵਿਰੋਧੀ ਰਵੱਈਆ ਅਖ਼ਤਿਆਰ ਕਰੀ ਬੈਠੀ ਹੈ ਜਿਸ ਦੇ ਵਿਰੋਧ ਵਜੋਂ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ | ਇਸ ਮੌਕੇ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਦਫ਼ਤਰੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਤੁਰੰਤ ਪੂਰੀਆਂ ਤਨਖ਼ਾਹਾਂ ਉੱਪਰ ਰੈਗੂਲਰ ਕੀਤਾ ਜਾਵੇ ਅਤੇ ਮੁਲਾਜ਼ਮ ਵਰਗ ਦੀਆਂ ਹੋਰ ਅਹਿਮ ਮੰਗਾਂ ਟੀ.ਈ.ਟੀ. ਦੇ ਬੇਲੋੜੀ ਸ਼ਰਤ ਹਟਾਉਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਰਹਿੰਦਾ ਡੀ.ਏ. ਦੇਣ ਅਤੇ ਕੱਚੇ ਅਧਿਆਪਕਾਂ ਨੂੰ ਪੂਰੇ ਤਨਖ਼ਾਹ ਭੱਤਿਆਂ ਸਮੇਤ ਰੈਗੂਲਰ ਕਰਨ ਦਾ ਹੱਲ ਕੀਤਾ ਜਾਵੇ | ਇਸ ਮੌਕੇ ਗੁਰਮੀਤ ਸਿੰਘ ਢੋਲੇਵਾਲ, ਦੇਵਿੰਦਰ ਸਿੰਘ ਹਰਾਜ, ਪ੍ਰਦੀਪ ਸਿੰਘ ਰੱਖੜਾ, ਗੁਰਵਿੰਦਰ ਸਿੰਘ ਸ਼ਾਦੀਵਾਲ, ਬਲਦੇਵ ਸਿੰਘ ਕਿਸ਼ਨਪੁਰਾ, ਗੁਰਮੇਲ ਸਿੰਘ ਰੇੜ੍ਹਵਾਂ, ਬਲਰਾਜ ਕੁਮਾਰ ਬੱਧਨੀ, ਕੰਵਰਜੀਤ ਸਿੰਘ ਚੰਨੂਵਾਲ, ਕੁਲਦੀਪ ਕੌਰ, ਰਮਨਦੀਪ ਕੌਰ, ਹਰਸ਼ ਜੋਤੀ, ਜਤਿੰਦਰ ਕੌਰ ਆਦਿ ਅਧਿਆਪਕ ਹਾਜ਼ਰ ਸਨ |