ਮੋਗਾ, 26 ਫਰਵਰੀ (ਅਸ਼ੋਕ ਬਾਂਸਲ)-28 ਫ਼ਰਵਰੀ ਨੂੰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੇ ਅੰਦਰ ਕਾਂਗਰਸ ਪਾਰਟੀ ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਜ਼ਿਲੇ੍ਹ ਅੰਦਰ ਵੱਖ-ਵੱਖ ਕਾਂਗਰਸੀ ਆਗੂਆਂ ਤੇ ਆਮ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਇਤਿਹਾਸਕ ਅਤੇ ਕਾਮਯਾਬ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ | ਪਿੰਡਾਂ, ਵਾਰਡਾਂ ਅਤੇ ਬੂਥ ਪੱਧਰ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵਧ ਚੜ੍ਹ ਕੇ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਅਤੇ ਰੈਲੀ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਕਿਹਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ-ਹਿਤ ਦੇ ਮੁੱਦਿਆਂ 'ਤੇ ਡਟ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੀ ਰੈਲੀ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਦੇਵੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ |