ਬਾਘਾ ਪੁਰਾਣਾ, 27 ਫਰਵਰੀ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਵਿਖੇ ਅੱਜ ਪੀ.ਸੀ.ਐਸ. ਅਧਿਕਾਰੀ ਬਬਨਦੀਪ ਸਿੰਘ ਵਾਲੀਆ ਨੇ ਸਬ ਡਵੀਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਫ਼ਤਰੀ ਸਟਾਫ਼ ਨਾਲ ਮੀਟਿੰਗ ਕਰਕੇ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਇਲਾਕੇ ਨਾਲ ਸਬੰਧਿਤ ਪ੍ਰਸ਼ਾਸਕੀ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ) ਦੇ ਅਹੁਦੇ 'ਤੇ ਸੇਵਾਵਾਂ ਨਿਭਾ ਚੁੱਕੇ ਹਨ | ਇਸ ਤੋਂ ਇਲਾਵਾ ਉਹ ਸੰਗਰੂਰ, ਬਠਿੰਡਾ ਅਤੇ ਫ਼ਿਰੋਜ਼ਪੁਰ ਵਿਚ ਵੀ ਐਸ.ਡੀ.ਐਮ. ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ | ਵੱਖ-ਵੱਖ ਜ਼ਿਲਿਆਂ ਵਿਚ ਪ੍ਰਸ਼ਾਸਕੀ ਤਜਰਬੇ ਕਾਰਨ ਉਨ੍ਹਾਂ ਨੂੰ ਇਕ ਅਨੁਭਵੀ ਅਤੇ ਜ਼ਿੰਮੇਵਾਰ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਦੱਸਿਆ ਕਿ ਦਫ਼ਤਰ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆਂ ਜਾਵੇਗਾ ਅਤੇ ਨਿਰਧਾਰਿਤ ਸਮੇਂ ਅੰਦਰ ਉਸ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਲੋਕਾਂ ਦਰਮਿਆਨ ਸਹਿਯੋਗੀ ਮਾਹੌਲ ਬਣਾਉਣਾ ਬਹੁਤ ਜ਼ਰੂਰੀ ਹੈ | ਕਾਨੂੰਨ-ਵਿਵਸਥਾ ਕਾਇਮ ਰੱਖਣ, ਰੈਵੀਨਿਊ ਮਾਮਲਿਆਂ ਦੇ ਨਿਪਟਾਰੇ ਅਤੇ ਸਰਕਾਰੀ ਯੋਜਨਾਵਾਂ ਦੀ ਪਾਰਦਰਸ਼ੀ ਲਾਗੂਆਤ ਲਈ ਟੀਮ ਵਰਕ ਨਾਲ ਕੰਮ ਕੀਤਾ ਜਾਵੇਗਾ | ਇਸ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਵੇਂ ਐਸ.ਡੀ.ਐਮ. ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਪ੍ਰਸ਼ਾਸਕੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ | ਇਲਾਕਾ ਵਾਸੀਆਂ ਵਲੋਂ ਵੀ ਉਮੀਦ ਜਤਾਈ ਜਾ ਰਹੀ ਹੈ ਕਿ ਨਵੀਂ ਨਿਯੁਕਤੀ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ |