ਕਿਸ਼ਨਪੁਰਾ ਕਲਾਂ, 2 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਾਂਗਰਸ ਦੀ ਬਰਨਾਲਾ ਵਿਖੇ ਹੋਈ ਸੂਬਾ ਪੱਧਰੀ ਰੈਲੀ 'ਚ ਹੋਏ ਭਾਰੀ ਇਕੱਠ ਨੇ ਸੂਬੇ ਅੰਦਰ 2027 'ਚ ਕਾਂਗਰਸ ਸਰਕਾਰ ਬਣਾਏ ਜਾਣ ਦਾ ਮੁੱਢ ਬੰਨਿ੍ਹਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਪੰਜਾਬ ਦੇ ਕੋਨੇ-ਕੋਨੇ 'ਚੋਂ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਦੇ ਭਾਰੀ ਇਕੱਠ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਦੀ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਇਕਜੁੱਟਤਾ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕੀਤਾ | ਐਡਵੋਕੇਟ ਰਵੀ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ ਆਪਣੀ ਪਕੜ ਨੂੰ ਦਿਨੋਂ-ਦਿਨ ਮਜ਼ਬੂਤ ਬਣਾ ਰਹੀ ਹੈ ਤੇ ਲੋਕਾਂ ਦਾ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ, ਕਿਉਂਕਿ ਜਿਸ ਤਰ੍ਹਾਂ ਕਾਂਗਰਸੀ ਵਰਕਰ ਤੇ ਲੋਕਾਂ ਦਾ ਕਾਂਗਰਸ ਦੀ ਬਰਨਾਲਾ ਰੈਲੀ ਵਿਚ ਆਪ ਮੁਹਾਰੇ ਪੁੱਜਣ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਹੁਣ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸੂਬੇ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਦੁਖੀ ਦਿਖਾਈ ਦੇ ਰਿਹਾ ਹੈ ਤੇ ਲੋਕ ਆਪ ਮੁਹਾਰੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵੀ ਗਰੇਵਾਲ ਨੇ ਕਿਹਾ ਕਿ ਅੱਜ ਸਬੇ ਅੰਦਰ ਹਾਲਾਤ ਨਾਜ਼ੁਕ ਬਣ ਚੁੱਕੇ ਹਨ | ਜਿਸ ਨੂੰ ਰੋਕਣ ਲਈ ਕਾਂਗਰਸ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ, ਜਿਸ ਨਾਲ ਹੀ ਪੰਜਾਬ ਦੇ ਹਾਲਾਤ ਸੁਧਰ ਸਕਦੇ ਹਨ ਤੇ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣ ਸਕਦੀ ਹੈ |