ਮੋਗਾ, 3 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਚੱਲ ਰਹੀ ਰਜਿਸਟ੍ਰੇਸ਼ਨ ਨੂੰ ਹੋਰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪਿੰਦਰ ਸਿੰਘ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ | ਅੱਜ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਪ੍ਰੀਤ ਸਿੰਘ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ | ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਵਿਭਾਗਾਂ ਦੇ ਕਰਮਚਾਰੀਆਂ, ਐਡਹਾਕ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਾਰਡ ਬਣਾਉਣ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਸਰਕਾਰ ਦੀ ਇਸ ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ ਤੇ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ 'ਚ 300 ਦੇ ਕਰੀਬ ਕਾਮਨ ਸਰਵਿਸ ਸੈਂਟਰਾਂ ਤੋਂ ਇਲਾਵਾ ਚਾਰਾਂ ਉਪ ਮੰਡਲਾਂ ਮੋਗਾ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ ਤੇ ਧਰਮਕੋਟ ਵਿਖੇ ਪਿੰਡ ਪੱਧਰੀ ਕੈਂਪ ਵੀ ਲਗਾਏ ਜਾ ਰਹੇ ਹਨ | ਇਸ ਤੋਂ ਇਲਾਵਾ ਕਰਮਚਾਰੀਆਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਤੇ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਵੀ ਵਿਸ਼ੇਸ਼ ਕੈਂਪ ਲਗਾਏ ਗਏ ਹਨ ਜਿੱਥੇ ਕਰਮਚਾਰੀ ਆਪਣੇ ਕਾਰਡ ਬਣਵਾ ਸਕਦੇ ਹਨ |