ਠੱਠੀ ਭਾਈ, 5 ਮਾਰਚ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ, ਚੰਦ ਪੁਰਾਣਾ (ਮੋਗਾ) ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਧਾਰਮਿਕ ਸਮਾਗਮ ਨੂੰ ਲੈ ਕੇ ਇਲਾਕੇ ਭਰ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਸਾਲਾਨਾ ਸ਼ਹੀਦੀ ਸਮਾਗਮ 15 ਮਾਰਚ 2026 ਦਿਨ ਐਤਵਾਰ (2 ਚੇਤ) ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ 4 ਮਾਰਚ ਤੋਂ 101 ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਕੀਤੀ ਹੋਈ ਹੈ | 14 ਮਾਰਚ ਨੂੰ ਸਾਰੇ ਅਖੰਡ ਪਾਠਾਂ ਦੀ ਲੜੀ ਦੇ ਸੰਪੂਰਨ ਭੋਗ ਪਾਏ ਜਾਣਗੇ, ਜਿਸ ਉਪਰੰਤ 15 ਮਾਰਚ ਨੂੰ ਵਿਸ਼ਾਲ ਰੂਹਾਨੀ ਧਾਰਮਿਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਧਾਰਮਿਕ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਸੰਤ ਮਹਾਂਪੁਰਸ਼, ਕਥਾਵਾਚਕ ਤੇ ਕਵੀਸ਼ਰੀ ਜਥੇ ਗੁਰੂ ਇਤਿਹਾਸ ਦੇ ਰਸਭਿੰਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਸਾਲਾਨਾ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਦੇਸ਼-ਵਿਦੇਸ਼ਾਂ 'ਚ ਵੱਸਦੀਆਂ ਸੰਗਤਾਂ ਤੇ ਵੱਖ-ਵੱਖ ਰਾਜਾਂ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਅੰਤ ਵਿਚ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ 'ਚ ਇਸ ਪਵਿੱਤਰ ਸ਼ਹੀਦੀ ਜੋੜ ਮੇਲੇ 'ਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਤੇ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਤੋਂ ਪੇ੍ਰਰਨਾ ਲੈ ਕੇ ਆਪਣੇ ਜੀਵਨ ਨੂੰ ਗੁਰਮਤਿ ਅਨੁਸਾਰ ਬਣਾਉਣ |