ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵਲੋਂ ਬਰਮਾ ਦੀ ਮਿੱਟੀ ਪੁੱਟਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖ਼ਤਰਾ ਪੈਦਾ ਹੁੰਦਾ ਹੈ ਉੱਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਨਾਇਬ ਤਹਿਸੀਲਦਾਰ, ਸਬੰਧਿਤ ਥਾਣਾ ਮੁਖੀ, ਜ਼ਿਲ੍ਹਾ ਮੋਗਾ ਵਿਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜ਼ਦੀਕ ਥਾਣੇ ਵਿਚ ਦਰਜ ਕਰਵਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ | ਜੇਕਰ ਉਨ੍ਹਾਂ ਵਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜ਼ਰੂਰੀ ਹੈ | ਉਕਤ ਦੋਨੋਂ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ |