ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਸਕੂਲੀ ਬੱਚਿਆਂ ਵਲੋਂ ਸੁੰਦਰ ਚਾਰਟ, ਕਵਿਤਾਵਾਂ, ਆਰਟੀਕਲ ਆਦਿ ਪੇਸ਼ ਕਰਦਿਆਂ ਦੱਸਿਆ ਕਿ ਅੰਤਰ-ਰਾਸ਼ਟਰੀ ਮਹਿਲਾ ਦਿਵਸ ਕਿਸੇ ਇਕ ਦੇਸ਼, ਸਮੂਹ ਜਾਂ ਸੰਗਠਨ ਨਾਲ ਜੁੜਿਆ ਨਹੀਂ ਹੈ | ਇਹ ਦਿਨ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ ਸਮਰਪਿਤ ਹੈ | ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਲਿੰਗਕ ਪੱਖਪਾਤ ਤੇ ਵਿਤਕਰੇ ਨੂੰ ਦੂਰ ਕਰਨ ਲਈ ਜਾਗਰੂਕ ਕਰਨਾ ਹੈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਵਲੋਂ ਇਸ ਵਿਸ਼ੇਸ਼ ਦਿਨ 'ਤੇ ਸਾਰੀਆਂ ਮਹਿਲਾਵਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਦਿਨ ਵੱਖ-ਵੱਖ ਖੇਤਰਾਂ 'ਚ ਕੰਮ ਕਰ ਰਹੀਆਂ ਮਹਿਲਾਵਾਂ ਦਾ ਸਨਮਾਨ ਕਰਨ ਤੇ ਉਨ੍ਹਾਂ ਦੀਆਂ ਉਪਲਬਧੀਆਂ ਦਾ ਉਤਸਵ ਮਨਾਉਣ ਦਾ ਦਿਨ ਹੈ | ਚੇਅਰਪਰਸਨ ਮੈਡਮ ਕਮਲ ਸੈਣੀ ਨੇ ਉਚੇਚੇ ਤੌਰ 'ਤੇ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਧੁਨਿਕ ਔਰਤ ਘਰ ਦੀ ਜ਼ਿੰਮੇਵਾਰੀ ਦੇ ਨਾਲ-ਨਾਲ ਹੋਰ ਕਈ ਖੇਤਰਾਂ 'ਚ ਵੀ ਦੇਸ਼ ਦੀ ਤਰੱਕੀ ਲਈ ਵਡਮੁੱਲਾ ਯੋਗਦਾਨ ਪਾ ਰਹੀ ਹੈ | ਸਕੂਲ ਸਮਾਜ 'ਚ ਔਰਤ ਦਾ ਦਰਜਾ ਬਹੁਤ ਉੱਚਾ ਹੈ ਕਿ ਜੇਕਰ ਇਕ ਬੱਚਾ (ਲੜਕਾ) ਪੜ੍ਹਾਇਆ ਜਾਂਦਾ ਹੈ ਤਾਂ ਇਕ ਪਰਿਵਾਰ ਹੀ ਪੜ੍ਹਦਾ ਹੈ ਪਰ ਜੇਕਰ ਇਕ ਲੜਕੀ ਨੂੰ ਪੜ੍ਹਾਇਆ ਜਾਂਦਾ ਹੈ ਤਾਂ ਉਸ ਦੀ ਪੂਰੀ ਪੀੜ੍ਹੀ ਹੀ ਪੜ੍ਹੀ ਲਿਖੀ ਤੇ ਸੂਝਵਾਨ ਹੁੰਦੀ ਹੈ |