ਮੋਗਾ, 9 ਮਾਰਚ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਆਖ਼ਰੀ ਬਜਟ 'ਤੇ ਟਿੱਪਣੀ ਕਰਦੇ ਹੋਏ ਇਸ ਬਜਟ ਨੂੰ 2027 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਕੜਿਆਂ ਦੇ ਨਾਲ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣਾ ਕਰਾਰ ਦਿੱਤਾ ਹੈ | ਇਸ ਬਜਟ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ | ਵਿੱਤ ਮੰਤਰੀ ਪੰਜਾਬ ਨੂੰ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਠੇਕਾ ਤੇ ਆਊਟ ਸੋਰਸ ਮੁਲਾਜ਼ਮ ਰੈਗੂਲਰ ਕਰਨੇ ਯਾਦ ਨਹੀਂ ਆਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਦਿੱਤੀ ਗਈ ਗਰੰਟੀ ਨੂੰ ਅਮਲੀ ਜਾਮਾ ਪਹਿਨਾਉਣਾ ਵੀ ਯਾਦ ਨਹੀਂ ਆਇਆ | ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ 'ਚ ਆਸ਼ਾ ਵਰਕਰ, ਮਿਡ-ਡੇ-ਮੀਲ ਵਰਕਰ ਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਕਰਨਾ ਵੀ ਸਰਕਾਰ ਭੁੱਲ ਗਈ | ਇਸ ਤੋਂ ਇਲਾਵਾ ਮੁਲਾਜ਼ਮਾਂ 'ਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ 16 ਫ਼ੀਸਦੀ ਦੀ ਦਰ ਨਾਲ ਬਕਾਇਆ ਪਈਆਂ ਪੰਜ ਕਿਸ਼ਤਾਂ ਵੀ ਨਹੀ ਦਿੱਤੀਆਂ | ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਅਤੇ ਏਟਕ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ 11 ਮਾਰਚ ਨੂੰ ਗੁਰਦੁਆਰਾ ਸਾਹਿਬ 6 ਫ਼ੇਜ਼ ਨੇੜੇ ਮੈਕਸ ਹਸਪਤਾਲ ਮੋਹਾਲੀ ਵਿਖੇ ਕੀਤੀ ਜਾ ਰਹੀ ਸੂਬਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਗੱਲ ਕਹੀ | ਰੈਲੀ ਨੂੰ ਏਟਕ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ਚਰਨ ਸਿੰਘ, ਜਗਦੀਸ਼ ਸਿੰਘ ਚਾਹਲ, ਗੁਰਪ੍ਰੀਤ ਸਿੰਘ, ਰਾਧੇ ਸ਼ਿਆਮ, ਸੁਰਿੰਦਰ ਕੁਮਾਰ ਪੁਆਰੀ ਅਤੇ ਆਗੂ ਸੰਬੋਧਨ ਕਰਨਗੇ |