ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-14 ਮਾਰਚ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਹੋਣ ਵਾਲੀ ਭਾਜਪਾ ਦੀ ਰੈਲੀ ਇਤਿਹਾਸਕ ਹੋਵੇਗੀ | ਭਾਜਪਾ ਵਰਕਰਾਂ ਵਿਚ ਰੈਲੀ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜਨਰਲ ਸਕੱਤਰ ਰਾਹੁਲ ਗਰਗ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਉਦੇਸ਼ ਸਿਰਫ਼ ਇਕ ਰਾਜਨੀਤਕ ਰੈਲੀ ਕਰਨਾ ਨਹੀਂ ਹੈ, ਸਗੋਂ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕ ਸਪਸ਼ਟ ਰੋਡਮੈਪ ਪੇਸ਼ ਕਰਨਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦਾ ਮੰਨਣਾ ਹੈ ਕਿ ਮਜ਼ਬੂਤ ਲੀਡਰਸ਼ਿਪ ਅਤੇ ਸਪੱਸ਼ਟ ਨੀਤੀਆਂ ਰਾਹੀਂ ਹੀ ਸੂਬੇ ਨੂੰ ਨਸ਼ਾ ਮੁਕਤ, ਅਪਰਾਧ ਮੁਕਤ ਅਤੇ ਵਿਕਾਸ ਵੱਲ ਵਧਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਚ ਭਾਜਪਾ ਦੀ ਰੈਲੀ ਸਿਰਫ਼ ਇਕ ਰਾਜਨੀਤਕ ਸਮਾਗਮ ਨਹੀਂ ਹੋਵੇਗੀ, ਸਗੋਂ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਦਾ ਇਕ ਮਹੱਤਵਪੂਰਨ ਮੌਕਾ ਹੋਵੇਗੀ |