ਠੱਠੀ ਭਾਈ, 10 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਾਘਾ ਪੁਰਾਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ 'ਚ ਹਲਕਾ ਬਾਘਾ ਪੁਰਾਣਾ ਤੋਂ ਵੱਡੀ ਗਿਣਤੀ 'ਚ ਵਰਕਰ ਤੇ ਆਮ ਲੋਕ ਸ਼ਾਮਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਿੰਡਾਂ ਤੇ ਸ਼ਹਿਰਾਂ 'ਚ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਤੇ ਹਲਕੇ ਦੇ ਹਰ ਪਿੰਡ ਤੋਂ ਵੱਡੇ ਕਾਫ਼ਲੇ ਰੈਲੀ ਵਿਚ ਪਹੁੰਚਣਗੇ | ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨੌਕਰੀਆਂ, ਕਿਸਾਨਾਂ ਨੂੰ ਰਾਹਤ, ਨਸ਼ਿਆਂ ਖ਼ਿਲਾਫ਼ ਕਾਰਵਾਈ ਤੇ ਵਿਕਾਸ ਦੇ ਨਾਂਅ 'ਤੇ ਵੱਡੇ ਦਾਅਵੇ ਕੀਤੇ ਗਏ ਸਨ ਪਰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਉਨ੍ਹਾਂ ਦਾ ਕੋਈ ਵੱਡਾ ਲਾਭ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵੱਲ ਉਮੀਦ ਨਾਲ ਦੇਖ ਰਹੇ ਹਨ | ਉਨ੍ਹਾਂ ਵਰਕਰਾਂ ਤੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਰੈਲੀ 'ਚ ਪਹੁੰਚ ਕੇ ਪੰਜਾਬ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ |