ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਜ਼ਿਲੇ੍ਹ ਭਰ ਵਿਚ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਕੰਮ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ. ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਬੀ.ਐਲ.ਓਜ. ਦੀ ਅਹਿਮ ਭੂਮਿਕਾ ਰਹੀ ਹੈ | ਸ਼੍ਰੀ ਸੇਤੀਆ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ | ਡਿਪਟੀ ਕਮਿਸ਼ਨਰ ਵਲੋਂ ਜ਼ਿਲੇ੍ਹ ਦੀਆਂ ਮਹਿਲਾ ਬੀ.ਐਲ.ਓਜ. ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਸਨਮਾਨਿਤ ਹੋਈਆਂ ਮਹਿਲਾ ਬੀ.ਐਲ.ਓਜ. ਨੇ ਚੋਣ ਕਮਿਸ਼ਨ ਪੰਜਾਬ ਤੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਸਨਮਾਨ ਪ੍ਰਾਪਤ ਕਰਕੇ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਉਹ ਅੱਗੇ ਵੀ ਵੋਟਾਂ ਦੇ ਹਰੇਕ ਕਾਰਜ ਜਿਹੜਾ ਵੀ ਉਨ੍ਹਾਂ ਨੂੰ ਸੌਂਪਿਆ ਜਾਵੇਗਾ ਵਿਚ ਆਪਣੀਆਂ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਉਣਗੀਆਂ | ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਵਿਚੋਂ ਤਿੰਨ ਤਿੰਨ ਭਾਵ ਕੁੱਲ 12 ਮਹਿਲਾ ਬੀ.ਐਲ.ਓਜ. ਦੀ ਚੋਣ ਕੀਤੀ ਗਈ | ਇਨ੍ਹਾਂ ਵਿਚ ਵਿਧਾਨ ਸਭਾ ਹਲਕਾ ਮੋਗਾ ਤੋਂ ਚਰਨਜੀਤ ਕੌਰ, ਪਰਮਜੀਤ ਕੌਰ, ਸੁਖਜਿੰਦਰ ਕੌਰ, ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਰੰਜੂ ਬਾਲਾ, ਕਿਰਨਦੀਪ ਕੌਰ ਤੇ ਸੰਦੀਪ ਕੌਰ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਜਸਵਿੰਦਰ ਕੌਰ, ਰਣਜੀਤ ਕੌਰ, ਪ੍ਰਵੀਨ ਭਾਰਤੀ, ਇਸੇ ਤਰ੍ਹਾਂ ਵਿਧਾਨ ਸਭਾ ਧਰਮਕੋਟ ਤੋਂ ਬਲਜੀਤ ਕੌਰ (1) ਬਲਜੀਤ ਕੌਰ (2), ਨਵਨੀਤ ਕੌਰ ਸ਼ਾਮਲ ਹਨ |