ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਮਿਸ਼ਨ ਆਤਮ ਨਿਰਭਰਤਾ ਅਧੀਨ ਪੰਜਾਬ ਸਰਕਾਰ ਵਲੋਂ ਸੱਠੀ ਮੂੰਗੀ ਦਾ ਬੀਜ ਕਿਸਮ ਐਸ.ਐਮ.ਐਲ. 1827 ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੋਗਾ ਨੂੰ 26 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 95 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ, ਫ਼ਸਲੀ ਵਭਿੰਨਤਾ ਅਪਣਾਉਣ ਅਤੇ ਦਿਨੋਂ-ਦਿਨ ਪਾਣੀ ਦੇ ਘਟਦੇ ਪੱਧਰ ਨੂੰ ਬਚਾਉਣ ਲਈ ਵੱਧ ਤੋਂ ਵੱਧ ਰਕਬੇ ਵਿਚ ਦਾਲਾਂ ਦੀ ਬਿਜਾਈ ਕਰਨ | ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਐਸ.ਐਮ.ਐਲ. 1827 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਸ਼ ਕੀਤੀ ਗਈ ਕਿਸਮ ਹੈ | ਇਸ ਦਾ ਪ੍ਰਤੀ ਏਕੜ 12 ਕਿੱਲੋ ਬੀਜ ਪੈਂਦਾ ਹੈ ਤੇ ਇਸ ਦਾ ਔਸਤਨ ਝਾੜ 5 ਕੁਇੰਟਲ ਪ੍ਰਤੀ ਏਕੜ ਹੈ | ਇਹ ਕਿਸਮ ਤਕਰੀਬਨ 62 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਇਹ ਕਿਸਮ ਪੀਲੀ ਚਿਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੇ ਸਮਰੱਥ ਹੈ | ਇਸ ਕਿਸਮ ਦੀ ਬਿਜਾਈ ਦਾ ਢੁਕਵਾਂ ਸਮਾਂ 20 ਮਾਰਚ ਤੋਂ 10 ਅਪ੍ਰੈਲ ਹੈ | ਦਾਲਾਂ ਦੀ ਖੇਤਰੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਿਚ ਮਦਦ ਕਰਦੀ ਹੈ ਕਿਉਂਕਿ ਇਹ ਫ਼ਸਲਾਂ ਕੁਦਰਤੀ ਤੌਰ 'ਤੇ ਜ਼ਮੀਨ ਵਿਚ ਨਾਈਟ੍ਰੋਜਨ ਨੂੰ ਠੀਕ ਕਰਦੀਆਂ ਹਨ |