ਕਿਸ਼ਨਪੁਰਾ ਕਲਾਂ, 12 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ 14 ਮਾਰਚ ਦਿਨ ਸਨਿਚਰਵਾਰ ਨੂੰ ਮੋਗਾ ਦੇ ਮੇਨ ਚੌਕ ਵਿਖੇ ਭਾਜਪਾ ਆਗੂਆਂ ਦੇ ਪੁਤਲੇ ਸਾੜ ਕੇ ਰੋਸ ਪ੍ਰਗਟ ਕੀਤਾ ਜਾਵੇਗਾ | ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ, ਬੀਜ ਸੋਧ ਬਿਲ, ਨਰੇਗਾ ਨਾਲ ਜੁੜੇ ਫ਼ੈਸਲੇ ਅਤੇ ਅਮਰੀਕਾ ਨਾਲ ਕੀਤੇ ਟੈਕਸ ਫ਼ਰੀ ਸਮਝੌਤੇ ਖ਼ਿਲਾਫ਼ ਕਿਸਾਨ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੀਤੀਆਂ ਕਾਰਨ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਹਿਤਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ, ਜਿਸ ਕਰਕੇ ਯੂਨੀਅਨ ਵਲੋਂ ਵਿਰੋਧ ਦਾ ਰਾਹ ਅਪਣਾਇਆ ਗਿਆ ਹੈ | ਆਗੂਆਂ ਨੇ ਕਿਹਾ ਕਿ 14 ਮਾਰਚ ਨੂੰ ਮੇਨ ਚੌਂਕ ਮੋਗਾ ਵਿਖੇ ਇਕੱਠੇ ਹੋ ਕੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਜਾਣਗੇ ਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਤੇ ਵਰਕਰ ਹਾਜ਼ਰ ਸਨ |