ਕਿਸ਼ਨਪੁਰਾ ਕਲਾਂ, 12 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਵਾਰਡ ਨੰਬਰ 8 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਤੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਪੁੱਤਰ ਸਾਬਕਾ ਬਲਾਕ ਸੰਮਤੀ ਮੈਂਬਰ ਉੱਘੇ ਟਰਾਂਸਪੋਰਟ ਇੰਦਰਜੀਤ ਸਿੰਘ ਸ਼ਾਹ ਯੂ.ਐਸ.ਏ. ਨੇ ਕੇਂਦਰ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਫ਼ੈਸਲਾ ਆਮ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਮਾਰਨ ਦੇ ਬਰਾਬਰ ਸਾਬਤ ਹੋ ਰਿਹਾ ਹੈ | ਉੱਘੇ ਟਰਾਂਸਪੋਰਟਰ ਇੰਦਰਜੀਤ ਸਿੰਘ ਸ਼ਾਹ ਨੇ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਲਈ ਰਸੋਈ ਗੈਸ ਦੀ ਕੀਮਤ 'ਚ ਵਾਧਾ ਹੋਰ ਮੁਸ਼ਕਲਾਂ ਖੜ੍ਹੀਆਂ ਕਰੇਗਾ | ਖ਼ਾਸ ਕਰਕੇ ਮੱਧ ਵਰਗ ਤੇ ਗ਼ਰੀਬ ਪਰਿਵਾਰਾਂ ਲਈ ਘਰੇਲੂ ਖ਼ਰਚੇ ਚਲਾਉਣਾ ਹੋਰ ਵੀ ਔਖਾ ਹੋ ਜਾਵੇਗਾ | ਪੰਚ ਔਲਖ ਨੇ ਕਿਹਾ ਕਿ ਇਕ ਪਾਸੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ, ਦੂਜੇ ਪਾਸੇ ਲਗਾਤਾਰ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਪ੍ਰਾਪਤ ਹੋ ਸਕੇ |