ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮੋਗਾ ਦੇ ਸਮੂਹ 353 ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 28 ਮਾਰਚ ਨੂੰ ਵਿਸ਼ੇਸ਼ ਮੈਗਾ ਪੀ.ਟੀ.ਐਮ. ਅਤੇ ਐਫ.ਐਲ.ਐਨ. ਮੇਲਾ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੰਜੂ ਭਾਰਦਵਾਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੋਗਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਮਿਤੀ 28 ਮਾਰਚ ਸਨਿਚਰਵਾਰ ਸਵੇਰੇ 8:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੇਗਾ | ਇਸ ਮੌਕੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਜਾਣਗੇ | ਇਸ ਤੋਂ ਇਲਾਵਾ ਨਵੇਂ ਵਿੱਦਿਅਕ ਸੈਸ਼ਨ ਲਈ ਵਿਦਿਆਰਥੀਆਂ ਦੇ ਦਾਖ਼ਲੇ ਸਬੰਧੀ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ | ਵਿਦਿਆਰਥੀਆਂ ਦੀ ਹਾਜ਼ਰੀ, ਵੈਕਸੀਨੇਸ਼ਨ ਅਤੇ ਸਕਿੱਲ ਐਜੂਕੇਸ਼ਨ ਸਕੀਮ ਬਾਰੇ ਅਹਿਮ ਜਾਣਕਾਰੀ ਦਿੱਤੀ ਜਾਵੇਗੀ | ਜ਼ਿਲ੍ਹਾ ਸਿੱਖਿਆ ਅਫ਼ਸਰ ਮੰਜੂ ਭਾਰਦਵਾਜ ਨੇ ਸਮੂਹ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮਿਲਣੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ |