ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ 4 ਅਪ੍ਰੈਲ ਨੂੰ ਸਥਾਨਕ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ 'ਚ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਇਕ ਇਤਿਹਾਸ ਸਿਰਜੇਗੀ ਤੇ ਇਸ ਰੈਲੀ ਲਈ ਸਮੁੱਚੇ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਰੈਲੀ 'ਚ ਲੋਕ ਕਾਫ਼ਲਿਆਂ ਦੇ ਰੂਪ ਵਿਚ ਪਹੁੰਚਣਗੇ ਤੇ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ ਹਨ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਹ ਰੈਲੀ ਮੋਗਾ ਜ਼ਿਲ੍ਹੇ ਲਈ ਬੜੀ ਅਹਿਮ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਗਾ ਜ਼ਿਲ੍ਹੇ ਨੂੰ ਵਿਕਾਸ ਕਾਰਜਾਂ ਲਈ 83 ਕਰੋੜ ਦੀ ਵਾਧੂ ਗਰਾਂਟ ਵੀ ਦੇਣਗੇ ਜਿਸ ਨਾਲ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਦੀ ਵਿਕਾਸ ਪੱਖੋਂ ਕਾਇਆ ਕਲਪ ਹੋਵੇਗੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਹਿਰੀ ਮੀਤ ਪ੍ਰਧਾਨ ਰਾਜਵੀਰ ਸਿੰਘ ਅਰੋੜਾ ਤੇ ਹੋਰ ਹਾਜ਼ਰ ਸਨ |