ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਏ.ਕੇ.ਐਮ. ਪੰਜਾਬ ਵਲੋਂ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵ ਰਾਜ ਚੌਹਾਨ ਦੇ ਨਾਂਅ ਇਕ ਮੰਗ ਪੱਤਰ ਭੇਜਿਆ ਗਿਆ | ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂਆਂ ਸੁੱਖ ਗਿੱਲ ਮੋਗਾ, ਤਰਨਜੀਤ ਸਿੰਘ ਨਿਮਾਣਾ ਤੇ ਹਰਿੰਦਰਜੀਤ ਸਿੰਘ ਜਲੰਧਰ ਨੇ ਕਿਹਾ ਕਿ ਇਸ ਮੰਗ ਪੱਤਰ ਵਿਚ ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਦੇ ਸਮਾਜਿਕ ਮਸਲਿਆਂ ਨਾਲ ਜੁੜੀਆਂ ਅਹਿਮ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਖਸਖਸ ਦੀ ਖੇਤੀ ਨੂੰ ਕਾਨੂੰਨੀ ਦਰਜਾ ਦੇ ਕੇ ਇਸ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ | ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਕੈਦੀਆਂ ਨਾਲ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ | ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮਨਜ਼ੂਰ ਕਰਨ ਦੀ ਵੀ ਮੰਗ ਕੀਤੀ ਗਈ | ਏ.ਕੇ.ਐਮ. ਪੰਜਾਬ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਇਨ੍ਹਾਂ ਮੰਗਾਂ 'ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |