ਬਾਘਾ ਪੁਰਾਣਾ, 6 ਅਪ੍ਰੈਲ (ਟਿੰਕੂ ਕਾਠਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਬਾਘਾ ਪੁਰਾਣਾ ਬਲਾਕ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੰਤ ਗੁਰਮੇਲ ਸਿੰਘ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਗੁਰਬਿੰਦਰ ਸਿੰਘ ਵਲੋਂ ਸੁਚੱਜੇ ਢੰਗ ਨਾਲ ਚਲਾਈ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਜ਼ਿਲ੍ਹਾ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਚਰਨਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ਗੁਰਬਿੰਦਰ ਸਿੰਘ ਨੇ ਪੰਜਾਬ ਵਿਚ ਹੋ ਰਹੀ ਬੇਮੌਸਮੀ ਬਾਰਸ਼ ਅਤੇ ਕੁਝ ਇਲਾਕਿਆਂ ਵਿਚ ਪਈ ਗੜੇਮਾਰੀ ਕਾਰਨ ਫ਼ਸਲਾਂ ਨੂੰ ਪਹੁੰਚੇ ਨੁਕਸਾਨ 'ਤੇ ਗੰਭੀਰ ਚਿੰਤਾ ਜਤਾਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਨੇ ਆਲੂ ਉਤਪਾਦਕਾਂ ਦੀ ਮੌਜੂਦਾ ਹਾਲਤ 'ਤੇ ਦੁੱਖ ਪ੍ਰਗਟ ਕੀਤਾ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਿਚ ਫੈਲ ਰਹੇ ਸੰਥੈਟਿਕ ਨਸ਼ਿਆਂ 'ਤੇ ਗੰਭੀਰ ਚਿੰਤਾ ਜਤਾਈ | ਇਸ ਮੌਕੇ ਚਰਨਪ੍ਰੀਤ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਸਾਨੀ ਮੁੱਦਿਆਂ 'ਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ | ਮੀਟਿੰਗ ਦੌਰਾਨ ਸਰਕਾਰ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ ਗਈ |