ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਾਏ ਨਵੇਂ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਨੌਵੀਂ ਜਮਾਤ 'ਚ ਦਾਖ਼ਲਾ ਲੈਣ ਲਈ ਵਿਦਿਆਰਥੀ ਕੋਲ ਸੁਵਿਧਾ ਕੇਂਦਰ ਵਲੋਂ ਜਾਰੀ ਕੀਤਾ ਕੰਪਿਊਟਰਾਈਜ਼ਡ ਜਨਮ ਸਰਟੀਫਿਕੇਟ ਹੋਣਾ ਜ਼ਰੂਰੀ ਕਰ ਦਿੱਤਾ ਹੈ ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਪਰੇਸ਼ਾਨੀਆਂ ਵੱਧ ਜਾਣਗੀਆਂ ਅਤੇ ਵਿਦਿਆਰਥੀ ਦਾਖ਼ਲਾ ਲੈਣ ਤੋਂ ਅਯੋਗ ਹੋ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਫ਼ੈਸਲਾ ਜ਼ਮੀਨੀ ਪੱਧਰ ਦੀਆਂ ਹਾਲਾਤਾਂ ਦੇ ਅਨੁਕੂਲ ਨਹੀਂ ਹੈ ਕਿਉਂਕਿ ਬਹੁਤ ਸਾਰੇ ਬੱਚਿਆਂ ਕੋਲ ਜਨਮ ਸਰਟੀਫਿਕੇਟ ਨਹੀਂ ਹੈ ਤੇ ਬਹੁਤਿਆਂ ਕੋਲ ਹਸਪਤਾਲ ਜਾਂ ਕਿਸੇ ਹੋਰ ਸੰਸਥਾ ਵਲੋਂ ਹੱਥ ਲਿਖਤ ਜਨਮ ਸਰਟੀਫਿਕੇਟ ਵੀ ਹਨ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾਂ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਬੋਰਡ ਦੇ ਇਸ ਫ਼ੈਸਲੇ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੀ ਖ਼ੱਜਲ-ਖ਼ੁਆਰੀ ਵੱਧ ਜਾਵੇਗੀ | ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅਪੀਲ ਕੀਤੀ ਕਿ ਇਹ ਬੇਤੁਕਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ | ਇਸ ਸਮੇਂ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਸਵਰਨਜੀਤ ਭਗਤਾ, ਦੀਪਕ ਮਿੱਤਲ, ਨਰਿੰਦਰ ਸਿੰਘ, ਮਧੂ ਬਾਲਾ, ਮਮਤਾ ਕੌਸ਼ਲ ਆਦਿ ਹਾਜ਼ਰ ਸਨ |