ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਉਹ ਵਿਕਾਸ ਕਾਰਜ ਕਰਵਾਏ ਜੋ ਸਮੇਂ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ ਤੇ ਉਨ੍ਹਾਂ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ | ਇਹ ਪ੍ਰਗਟਾਵਾ 'ਆਪ' ਪਾਰਟੀ ਦੇ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਤੌਰ 'ਤੇ 'ਅਜੀਤ' ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਅਮਨਦੀਪ ਕੌਰ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਦੀ ਸਭ ਤੋ ਵੱਡੀ ਸਹੂਲਤ ਦਿੱਤੀ ਗਈ ਹੈ, ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ ਤੇ ਜਿੱਥੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕਰਵਾਇਆ ਗਿਆ, ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਖੇਡਾਂ ਨਾਲ ਜੋੜਨ ਲਈ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਤੇ ਅੱਜ ਪੰਜਾਬ ਦਾ ਕੋਈ ਵੀ ਪਿੰਡ ਖੇਡ ਸਟੇਡੀਅਮ ਤੋਂ ਵਾਂਝਾ ਨਹੀ ਅਤੇ ਸੂਬੇ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਉਦੋਂ ਮਿਲੀ ਜਦੋਂ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਤੇ ਹੁਣ ਜੋ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਔਰਤਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ, ਉਸ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ ਤੇ ਜਲਦੀ ਹੀ ਦਲਿਤ ਔਰਤਾਂ ਨੂੰ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਤੇ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਜਲਦ ਹੀ ਖਾਤਿਆਂ ਵਿਚ ਆਉਣਾ ਸ਼ੁਰੂ ਹੋ ਜਾਵੇਗਾ ਤੇ ਪੰਜਾਬ ਦੇ ਲੋਕਾਂ ਲਈ ਸਫ਼ਰ ਨੂੰ ਹੋਰ ਸੁਖਾਵਾਂ ਬਣਾਉਣ ਲਈ ਪੀ.ਆਰ.ਟੀ.ਸੀ. ਦੀਆਂ ਢਾਈ ਸੌ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ, ਜੋ ਆਪ ਸਰਕਾਰ ਦੀ ਇਕ ਵੱਡੀ ਉਪਲਬਧੀ ਹੈ | ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਕ੍ਰਾਈਮ ਨੂੰ ਰੋਕਣ ਲਈ ਸੂਬੇ ਦੀ ਪੁਲਿਸ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਜੋ ਆਧੁਨਿਕ ਵਾਹਨ ਤੇ ਹੋਰ ਤਕਨੀਕੀ ਸਮਾਨ ਮੁਹੱਈਆ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਨੂੰ ਸਿਰਫ਼ ਚਾਰ ਸਾਲ ਵਿਚ ਪੂਰਾ ਕਰ ਵਿਖਾਇਆ ਤੇ ਹੁਣ ਪੰਜਵੇ ਸਾਲ ਵਿਚ ਸੂਬੇ ਨੂੰ ਵਿਕਾਸ ਦੀਆਂ ਲੋਹਾਂ ਤੋਰਨ ਵਿਚ ਵੀ ਕੋਈ ਕਸਰ ਨਹੀ ਛੱਡੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ 'ਅਜੀਤ' ਦਫ਼ਤਰ ਪੁੱਜਣ 'ਤੇ ਦਫ਼ਤਰ ਇੰਚਾਰਜ ਸੁਰਿੰਦਰਪਾਲ ਸਿੰਘ, ਸਮੂਹ ਸਟਾਫ਼ ਤੇ ਸਮਾਜ ਸੇਵਕਾ ਜੱਸ ਢਿੱਲੋਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |