ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਸਕੂਲ ਵਿਚ ਅਸੈਂਬਲੀ ਮੌਕੇ ਵਿਦਿਆਰਥੀਆਂ ਵਲੋਂ ਇਸ ਦਿਨ ਨਾਲ ਸਬੰਧਿਤ ਬਹੁਤ ਹੀ ਸੁੰਦਰ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ | ਆਰਟੀਕਲ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਦਿਆਂ ਦੱਸਿਆ ਕਿ ਸਾਲ 1948 ਵਿਚ ਅੱਜ ਦੇ ਦਿਨ ਵਿਸ਼ਵ ਸਿਹਤ ਸੰਸਥਾ ਨੇ ਵਿਸ਼ਵ ਪੱਧਰ 'ਤੇ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ | ਇਸ ਸੰਸਥਾ ਦੀ ਸ਼ੁਰੂਆਤ ਵਿਚ ਵਿਸ਼ਵ ਭਰ ਦੇ 61 ਦੇਸ਼ਾਂ ਵਲੋਂ ਦਸਤਖ਼ਤ ਕਰ ਕੇ ਇਸ ਸੰਸਥਾ ਨੂੰ ਹਰੀ ਝੰਡੀ ਦਿੱਤੀ ਗਈ ਸੀ ਅਤੇ ਉਸ ਸਮੇਂ ਤੋਂ ਹੁਣ ਤੱਕ ਇਹ ਸੰਸਥਾ ਸਿਹਤ ਦੇ ਖੇਤਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਹੈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਸਿਹਤ ਸਾਡੇ ਲਈ ਸਭ ਤੋਂ ਅਨਮੋਲ ਦਾਤ ਹੈ ਕਿਉਂਕਿ ਇਕ ਸਿਹਤਮੰਦ ਸਰੀਰ ਦੇ ਅੰਦਰ ਹੀ ਇਕ ਸਿਹਤਮੰਦ ਦਿਮਾਗ਼ ਰਹਿ ਸਕਦਾ ਹੈ ਅਤੇ ਵਿਦਿਆਰਥੀ ਜੀਵਨ ਵਿਚ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਇਕ ਸਿਹਤਮੰਦ ਸਰੀਰ ਅਤੇ ਇਕ ਸਿਹਤਮੰਦ ਦਿਮਾਗ਼ ਦੋਹਾਂ ਦੀ ਜ਼ਰੂਰਤ ਹੁੰਦੀ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪੀ.ਟੀ. ਕਸਰਤਾਂ ਕਰਵਾਈਆਂ ਗਈਆਂ | ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਆਪਣੀ ਸਿਹਤ ਦਾ ਧਿਆਨ ਰੱਖਣ ਦਾ ਸੰਦੇਸ਼ ਦਿੱਤਾ |