ਕੋਟ ਈਸੇ ਖਾਂ, 11 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਐਸ.ਸੀ. ਵਿੰਗ ਮੋਗਾ ਰਹੇ ਸੁਰਜੀਤ ਸਿੰਘ ਲੋਹਾਰਾ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਸਾਲ 2014 ਤੋਂ ਜੁੜ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਅਤੇ ਜਦੋਂ ਦੂਸਰੀਆਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਦਾ ਮਖ਼ੌਲ ਉਡਾਇਆ ਕਰਦੇ ਸਨ, ਉਸ ਸਮੇਂ ਵੀ ਉਹ ਪਾਰਟੀ ਦੇ ਨਾਲ ਡਟ ਕੇ ਖੜੇ ਰਹੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 2018 ਵਿਚ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵੀ ਆਪਣੇ ਬਲਬੂਤੇ 'ਤੇ ਲੜੀ ਅਤੇ ਪਾਰਟੀ ਲਈ ਕਈ ਸੰਘਰਸ਼ ਕੀਤੇ | ਉਨ੍ਹਾਂ ਕਿਹਾ ਕਿ ਜਦੋਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਕੁਝ ਹੀ ਸਮੇਂ ਵਿਚ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕਦੀ ਨਜ਼ਰ ਆਉਣ ਲੱਗ ਪਈ ਤੇ ਉਦੋਂ ਤੋਂ ਹੀ ਪੁਰਾਣੇ ਵਲੰਟੀਅਰਾਂ ਨੂੰ ਅੱਖੋਂ-ਪਰੋਖੇ ਕੀਤਾ ਜਾਣ ਲੱਗ ਪਿਆ, ਜਦ ਕਿ ਉਨ੍ਹਾਂ ਲੋਕਾਂ ਨੂੰ ਅਹੁਦੇ ਦਿੱਤੇ ਗਏ, ਜਿਨ੍ਹਾਂ ਨੇ ਪਹਿਲਾਂ ਪਾਰਟੀ ਦਾ ਵਿਰੋਧ ਕੀਤਾ ਸੀ | ਲੋਹਾਰਾ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਨੂੰ ਲੱਗਿਆ ਕਿ ਪਾਰਟੀ ਆਪਣੇ ਅਸਲ ਮਕਸਦ ਅਤੇ ਸਿਧਾਂਤਾਂ ਤੋਂ ਦੂਰ ਹੋ ਚੁੱਕੀ ਹੈ | ਇਸ ਲਈ ਉਨ੍ਹਾਂ ਨੇ ਆਪਣੇ ਪੂਰੇ ਹੋਸ਼ੋ-ਹਵਾਸ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ |