ਕਿਸ਼ਨਪੁਰਾ ਕਲਾਂ, 11 ਅਪ੍ਰੈਲ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਅੱਜ 11 ਅਪ੍ਰੈਲ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਵਿਸਾਖੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਪਾ ਕੇ ਸ਼ੁਰੂਆਤ ਕੀਤੀ ਗਈ | ਇਸ ਦੇ ਤਹਿਤ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਦੇ ਕੀਰਤਨੀ ਜਥਿਆਂ ਵਲੋਂ ਸ਼ਬਦਾਂ ਰਾਹੀਂ ਸਾਂਝ ਪਾਈ ਗਈ | ਨਿੱਕੇ-ਨਿੱਕੇ ਵਿਦਿਆਰਥੀਆਂ ਵਲੋਂ ਮੂਲ ਮੰਤਰ ਅਤੇ ਜੈਕਾਰਿਆਂ ਨਾਲ ਪੰਡਾਲ ਵਿਚ ਰੂਹਾਨੀ ਮਾਹੌਲ ਬਣਾਇਆ ਗਿਆ | ਇਸ ਦੇ ਨਾਲ ਹੀ ਕਈ ਵਿਦਿਆਰਥੀਆਂ ਵਲੋਂ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਇਕ ਸ਼ਬਦ ਦੀ ਵਿਆਖਿਆ ਕਰਦੇ ਹੋਏ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਕਿਹਾ ਕਿ ਅਸੀਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਾਂ ਜੋ ਆਪਣਾ ਮੇਹਰ ਭਰਿਆ ਹੱਥ ਹਮੇਸ਼ਾ ਸਮੂਹ ਬਲੌਜ਼ਮਜ਼ ਪਰਿਵਾਰ 'ਤੇ ਰੱਖਦੇ ਹਨ | ਵਿਦਿਆਰਥੀਆਂ ਵਲੋਂ ਕੀਰਤਨ ਦੀ ਪਾਈ ਗਈ ਸਾਂਝ ਉਨ੍ਹਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜੇਗੀ | ਵਿਸਾਖੀ ਦੇ ਇਸ ਪਵਿੱਤਰ ਦਿਹਾੜੇ 'ਤੇ ਉਨ੍ਹਾਂ ਨੇ ਸਮੂਹ ਸਮਾਜ ਨੂੰ ਵਧਾਈ ਦਿੱਤੀ ਅਤੇ ਨਵੇਂ ਸਾਲ ਦੀ ਸ਼ੁਰੂਆਤ ਲਈ ਅਰਦਾਸ ਕੀਤੀ | ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ, ਰਛਪਾਲ ਸਿੰਘ ਅਤੇ ਗੁਰਜਿੰਦਰ ਸਿੰਘ ਸੇਖੋਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਦੇ ਨਾਲ ਹੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ |