ਠੱਠੀ ਭਾਈ, 12 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸਭਾ ਸੁਖਾਨੰਦ ਦੇ ਸੇਵਾ ਮੁਕਤ ਸਕੱਤਰ ਨਾਹਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਨਾਹਰ ਸਿੰਘ ਸੈਕਟਰੀ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਖ਼ਾਸ ਤੌਰ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੰਘਰਸ਼ਸ਼ੀਲ ਢੰਗ ਨਾਲ ਕੰਮ ਕਰਨਗੇ ਤੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ | ਇਸ ਦੇ ਨਾਲ ਹੀ ਉਹ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਮਜ਼ਬੂਤ ਕਰਕੇ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਭਰਪੂਰ ਕੋਸ਼ਿਸ਼ ਕਰਨਗੇ | ਨਾਹਰ ਸਿੰਘ ਸੈਕਟਰੀ ਨੇ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚ ਬਣਾਉਣਗੇ ਤੇ ਹਰੇਕ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣਗੇ |