ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਫਾਊਾਡਰ ਮੈਂਬਰ ਹਨ ਤੇ ਉਹ ਹਮੇਸ਼ਾ ਹੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਇੱਕਜੁੱਟ ਹੋ ਕੇ ਪਾਰਟੀ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰ ਰਿਹਾ ਹੈ ਤੇ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗੀ | ਗੱਲਬਾਤ ਕਰਦਿਆਂ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਜਥੇਬੰਦੀ ਇੱਕਜੁੱਟ ਹੈ ਤੇ ਪਾਰਟੀ ਵਿਚ ਕਿਸੇ ਵੀ ਤਰ੍ਹਾਂ ਦਾ ਵਖਰੇਵਾਂ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਸਨ, ਹੁਣ ਵੀ ਨਾਲ ਹਨ ਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੇ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲੜ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅੱਗੇ ਆਉਣ ਅਤੇ ਕਿਸੇ ਵੀ ਤਰ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ |