ਬਾਘਾ ਪੁਰਾਣਾ, 15 ਅਪ੍ਰੈਲ (ਟਿੰਕੂ ਕਾਠਪਾਲ)-ਅੱਜ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਨਵੀਂ ਅਨਾਜ ਦਾਣਾ ਮੰਡੀ ਵਿਚ ਕਣਕ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਨੇ ਮੰਡੀ ਵਿਚ ਆਪਣੀ ਕਣਕ ਵੇਚਣ ਲਈ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਪਹਿਲਾ ਭਾਅ ਲਗਾ ਕੇ ਖ਼ਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ | ਇਸ ਦੌਰਾਨ ਵਿਧਾਇਕ ਅੰਮਿ੍ਤਪਾਲ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਣਕ ਦੀ ਖ਼ਰੀਦ ਸੁਚੱਜੇ ਢੰਗ ਨਾਲ ਕਰਵਾਈ ਜਾਵੇਗੀ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੰਡੀ 'ਚ ਸਾਰੀ ਜ਼ਰੂਰੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਬੈਠਣ ਦੀ ਵਿਵਸਥਾ ਤੇ ਸਫ਼ਾਈ ਦੇ ਪ੍ਰਬੰਧ ਪੂਰੇ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ | ਉਨ੍ਹਾਂ ਕਿਹਾ ਕਿ ਅਦਾਇਗੀਆਂ ਸਮੇਂ 'ਤੇ ਕਰਨ ਲਈ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਵਿਚ ਪੂਰੀ ਪਾਰਦਰਸ਼ਤਾ ਰੱਖੀ ਜਾਵੇਗੀ | ਇਸ ਮੌਕੇ ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਸਮਾਗਮ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਮਾਣ, ਸੈਕਟਰੀ ਹਰਜੀਤ ਸਿੰਘ ਖਹਿਰਾ, ਮੰਡੀ ਸੁਪਰਵਾਈਜ਼ਰ ਅੰਮਿ੍ਤਪਾਲ ਸਿੰਘ, ਲੇਖਾਕਾਰ ਮਹਾਵੀਰ ਸ਼ਰਮਾ ਆਦਿ ਹਾਜਰ ਸਨ |