ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਣਕ ਦੀ ਖ਼ਰੀਦ ਨਾ ਕਰਨ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਧਰਨਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੁੱਸਾ ਦੀ ਪ੍ਰਧਾਨਗੀ ਹੇਠ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਦੱਸਿਆ ਕਿ ਪਹਿਲਾਂ ਤਾਂ ਕਣਕ ਦੀ ਫ਼ਸਲ ਦੀ ਗੜਿਆਂ ਨੇ ਭਾਰੀ ਤਬਾਹੀ ਮਚਾਈ ਹੈ | ਸਰਕਾਰ ਨੇ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ | ਉਸ ਤੋਂ ਬਾਅਦ ਹੁਣ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰ ਕਿਸਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਮੋਗਾ ਤੋਂ ਬਾਹਰਲੀਆਂ ਮੰਡੀਆਂ ਅਜੇ ਵੀ ਸਰਕਾਰੀ ਖ਼ਰੀਦ ਨੂੰ ਤਰਸ ਰਹੀਆਂ ਹਨ | ਕੇਂਦਰ ਸਰਕਾਰ ਦੀਆਂ ਏਜੰਸੀਆਂ 14 ਅਪ੍ਰੈਲ ਨੂੰ ਮੋਗਾ ਤੋਂ ਸੈਂਪਲ ਲੈ ਕੇ ਗਈਆਂ ਹਨ ਪਰ ਅਜੇ ਤੱਕ ਕੇਂਦਰ ਸਰਕਾਰ ਨੇ ਵੀ ਕੋਈ ਖ਼ਰੀਦ ਸਬੰਧੀ ਢਿੱਲ ਦੇਣ ਦਾ ਫ਼ੈਸਲਾ ਨਹੀਂ ਕੀਤਾ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਸਰਕਾਰਾਂ ਜਾਣਬੁੱਝ ਕੇ ਖ਼ਰੀਦ ਤੋਂ ਹੱਥ ਖਿੱਚ ਰਹੀਆਂ ਹਨ ਤਾਂ ਕਿ ਹੌਲੀ ਹੌਲੀ ਕਿਸਾਨ ਆਪ ਹੀ ਜ਼ਮੀਨਾਂ ਵੇਚਣ ਲਈ ਮਜਬੂਰ ਹੋ ਜਾਣ | ਜ਼ਿਲ੍ਹਾ ਕਮੇਟੀ ਦਾ ਵਫ਼ਦ ਕੁਲਦੀਪ ਕੌਰ ਕੁੱਸਾ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਡੀ.ਸੀ. ਮੋਗਾ ਨੂੰ ਮਿਲਿਆ | ਧਰਨੇ ਨੂੰ ਗੁਰਚਰਨ ਸਿੰਘ ਰਾਮਾ, ਬੂਟਾ ਸਿੰਘ ਭਾਗੀਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ ਮੱਲੀਆਂ, ਹਰਮੇਲ ਸਿੰਘ ਘਾਲੀ, ਸੁਖਜੀਤ ਸਿੰਘ ਲੰਢੇਕੇ ਨੇ ਸੰਬੋਧਨ ਕੀਤਾ |