ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦਿਵਿਆਂਗਜਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰਨ ਰਿਹਾ ਹੈ | ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਯਤਨਸ਼ੀਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7 ਦਿਵਿਆਂਗਜਨਾਂ ਨੂੰ 3.15 ਲੱਖ ਦੀਆਂ 7 ਮੋਟਰਾਈਜਡ ਟਰਾਈਸਾਈਕਲਾਂ ਦੀ ਮੁਫ਼ਤ ਵੰਡ ਕਰਨ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਲਗ-ਪਗ 45000 ਦੀ ਲਾਗਤ ਵਾਲੀ ਇਸ ਮੋਟਰਾਈਜਡ ਟਰਾਈਸਾਈਕਲ ਨਾਲ ਦਿਵਿਆਂਗਜਨਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮ ਕਰਨ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ ਕਿਉਂਕਿ ਸਰਕਾਰ ਉਨ੍ਹਾਂ ਨੂੰ ਹਰੇਕ ਖੇਤਰ ਵਿਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਰਹੀ ਹੈ | ਉਨ੍ਹਾਂ ਦਿਵਿਆਂਗਜਨਾਂ ਨੂੰ ਆਪਣੀ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ ਜਿਸ ਵਿਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ, ਉਸ ਲਈ ਉਹ ਆਪਣੀ ਜ਼ਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿਚ ਆਪਣਾ ਯੋਗਦਾਨ ਪਾਉਣ |