ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਆਪਣੀ ਟੀਮ ਨਾਲ ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਸਨੀ ਗਿੱਲ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਨੂੰ ਸੁਚਾਰੂ ਰੂਪ ਵਿਚ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਨਰਿੰਦਰ ਸਿੰਘ ਬੁੱਕਣ ਵਾਲਾ ਸਰਕਲ ਪ੍ਰਧਾਨ, ਸੀਨੀਅਰ ਆਗੂ ਗੋਵਰਧਨ ਪੋਪਲੀ, ਪਵਨਦੀਪ ਸਿੰਘ ਸਾਬਕਾ ਸਰਕਲ ਪ੍ਰਧਾਨ ਘੱਲ ਕਲਾਂ, ਸੀਨੀਅਰ ਆਗੂ ਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ, ਸਾਬਕਾ ਸਰਪੰਚ ਜਗਰਾਜ ਸਿੰਘ ਜੱਗਾ ਘੱਲ ਕਲਾਂ, ਕੁਲਦੀਪ ਸਿੰਘ ਦੀਪਾ ਸ਼ਹਿਰੀ ਸਰਕਲ ਪ੍ਰਧਾਨ, ਮੁਕੰਦ ਸਿੰਘ ਮੋਠਾਂਵਾਲੀ, ਨਵਤੇਜ ਸਿੰਘ ਗਿੱਲ ਬੁੱਕਣ ਵਾਲਾ ਤੇ ਕੇਵਲ ਸਿੰਘ ਹਾਜ਼ਰ ਸਨ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਜੋ ਕਣਕ ਦੀ ਖ਼ਰੀਦ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀ ਸੀ ਅੱਜ ਮੰਡੀਆਂ ਵਿਚ ਕਿਸਾਨਾਂ ਦੀ ਹਾਲਤ ਵੇਖ ਕੇ ਉਨ੍ਹਾਂ ਦੇ ਦਾਅਵੇ ਝੂਠੇ ਸਾਬਤ ਹੋਏ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗ਼ਲਤੀ ਕਾਰਨ ਅੱਜ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੈ ਕਿਉਂਕਿ ਕੋਈ ਵੀ ਫ਼ਸਲ ਆਉਣ ਤੋਂ ਪਹਿਲਾਂ ਸੂਬਾ ਸਰਕਾਰ ਨੇ ਖ਼ਰੀਦ ਸਬੰਧੀ ਕੇਂਦਰ ਸਰਕਾਰ ਨੂੰ ਇਕ ਪੱਤਰ ਜਾਰੀ ਕਰਨਾ ਹੁੰਦਾ ਹੈ ਪਰ ਸੂਬਾ ਸਰਕਾਰ ਨੇ ਉਹ ਪੱਤਰ ਹੀ ਲੇਟ ਦਿੱਤਾ | ਇਸ ਲਈ ਕੇਂਦਰ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਕਰਨ ਵਿਚ ਦੇਰੀ ਹੋ ਰਹੀ ਹੈ ਅਤੇ ਉਲਟਾ ਆਪ ਸਰਕਾਰ ਕੇਂਦਰ 'ਤੇ ਸਵਾਲ ਖੜ੍ਹੇ ਕਰ ਕੇ ਆਪਣੀ ਕੀਤੀ ਗ਼ਲਤੀ ਨੂੰ ਛੁਪਾ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਬੇਮੌਸਮੇ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਨੂੰ ਰੋਲ ਕੇ ਰੱਖ ਦਿੱਤਾ ਅਤੇ ਹੁਣ ਵੀ ਮੌਸਮ ਫ਼ਸਲ ਦੀ ਕਟਾਈ ਅਤੇ ਮੰਡੀ ਲਈ ਸਾਜ਼ਗਾਰ ਨਹੀਂ ਅਤੇ ਕਿਸਾਨ ਡਰ ਦੇ ਮਾਰੇ ਤਰਾਹ ਤਰਾਹ ਕਰ ਰਹੇ ਹਨ ਅਤੇ ਬੇਮੌਸਮੇ ਮੀਂਹ ਤੋਂ ਬਾਅਦ ਜੇਕਰ ਕਿਸਾਨ ਆਪਣੀਆਂ ਪੁੱਤਾਂ ਵਾਂਗ ਪਾਲੀ ਹਾੜੀ ਦੀ ਫ਼ਸਲ ਮੰਡੀਆਂ ਵਿਚ ਲੈ ਕੇ ਆਏ ਹਨ ਤਾਂ ਹੁਣ ਉਹ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ | ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਣਕ ਦੀ ਖ਼ਰੀਦ ਵਿਚ ਤੇਜ਼ੀ ਲਿਆਂਦੀ ਜਾਵੇ ਤੇ ਮੀਂਹ ਪੈਣ ਨਾਲ ਕਣਕ ਦੇ ਦਾਣੇ ਵਿਚ ਆਈ ਨਮੀ ਸਾਹਿਤ ਕਣਕ ਦੀ ਖ਼ਰੀਦ ਕੀਤੀ ਜਾਵੇ |