ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਸਖ਼ਤ ਕਾਨੂੰਨ ਬਹੁਤ ਹੀ ਜਰੂਰੀ ਤੇ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਤੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਖਾਲਸਾ ਨੇ ਕੀਤਾ | ਖਾਲਸਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ | ਸਾਡੇ ਲਈ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਜਾਨ ਤੋਂ ਵੀ ਪਿਆਰਾ ਹੈ | ਪਿਛਲੇ ਲੰਬੇ ਸਮੇਂ ਤੋਂ ਪੰਜਾਬ ਨੇ ਬੇਅਦਬੀ ਵਰਗੇ ਅਤਿ ਮੰਦਭਾਗੇ ਅਤੇ ਹਿਰਦੇ ਵਲੂੰਧਰਨ ਵਾਲੇ ਕਾਂਡ ਹੰਢਾਏ ਹਨ ਜਿਨ੍ਹਾਂ ਨੇ ਹਰ ਨਾਨਕ ਨਾਮ ਲੇਵਾ ਸੰਗਤ ਦੇ ਮਨ ਨੂੰ ਗਹਿਰੀ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪੇਸ਼ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ |