ਬਾਘਾ ਪੁਰਾਣਾ, 19 ਅਪ੍ਰੈਲ (ਟਿੰਕੂ ਕਾਠਪਾਲ)-ਮਾਲਵਾ ਖੇਤਰ ਦੇ ਪ੍ਰਸਿੱਧ ਤੇ ਪਵਿੱਤਰ ਇਤਿਹਾਸਕ ਧਾਰਮਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਹਰ ਰੋਜ਼ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ | ਇਸ ਧਾਰਮਿਕ ਅਸਥਾਨ ਦੀ ਮਹੱਤਤਾ ਦੇ ਚੱਲਦਿਆਂ ਇੱਥੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਸਮੇਂ-ਸਮੇਂ 'ਤੇ ਦਰਸ਼ਨ ਕਰਨ ਲਈ ਪਹੁੰਚਦੀਆਂ ਰਹਿੰਦੀਆਂ ਹਨ | ਇਸੇ ਕੜੀ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸਾਹਿਬ ਪਹੁੰਚੇ ਤੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਹਿਬ ਦੀ ਮਹਾਨਤਾ ਤੇ ਇਤਿਹਾਸਕ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਪਵਿੱਤਰ ਅਸਥਾਨ 'ਤੇ ਪਹੁੰਚ ਕੇ ਉਨ੍ਹਾਂ ਨੂੰ ਅੰਦਰੂਨੀ ਖ਼ੁਸ਼ੀ ਤੇ ਆਤਮਿਕ ਸ਼ਾਂਤੀ ਦਾ ਅਨੁਭਵ ਹੋਇਆ ਹੈ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਬਿਰਧ ਆਸ਼ਰਮ ਵੀ ਲੋੜਵੰਦਾਂ ਲਈ ਵੱਡਾ ਆਸਰਾ ਸਾਬਤ ਹੋ ਰਿਹਾ ਹੈੈ | ਗੁਰਦੁਆਰਾ ਸਾਹਿਬ ਪਹੁੰਚਣ 'ਤੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਸੰਤ ਬਾਬਾ ਗੁਰਦੀਪ ਸਿੰਘ ਦੇ ਸਮਾਜਿਕ ਤੇ ਧਾਰਮਿਕ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਬਾਬਾ ਗੁਰਦੀਪ ਸਿੰਘ ਵਲੋਂ ਕੀਤੇ ਜਾ ਰਹੇ ਧਾਰਮਿਕ ਪ੍ਰਚਾਰ ਦੇ ਕਾਰਜਾਂ ਨਾਲ ਬਹੁਤ ਸਾਰੇ ਲੋਕ ਗੁਰਬਾਣੀ ਨਾਲ ਜੁੜ ਰਹੇ ਹਨ ਅਤੇ ਅਨੇਕਾਂ ਸੰਗਤਾਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਆਪਣੀ ਜ਼ਿੰਦਗੀ ਨੂੰ ਨਵਾਂ ਰੂਪ ਦਿੱਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਧਾਰਮਿਕ ਕੇਂਦਰ ਸਿਰਫ਼ ਇਬਾਦਤ ਲਈ ਹੀ ਨਹੀਂ ਸਗੋਂ ਸਮਾਜਿਕ ਜਾਗਰੂਕਤਾ ਅਤੇ ਸੇਵਾ ਭਾਵਨਾ ਨੂੰ ਵਧਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਅਜਮੇਰ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਚਮਕੌਰ ਸਿੰਘ ਚੰਦ ਪੁਰਾਣਾ, ਦਲੇਰ ਸਿੰਘ, ਰਾਜਵਿੰਦਰ ਸਿੰਘ ਸੁਲਹਾਣੀ, ਭਾਈ ਇਕਬਾਲ ਸਿੰਘ ਲੰਗੇਆਣਾ, ਨੈਬ ਸਿੰਘ ਬਹੋਨਾ, ਏ.ਐਸ.ਆਈ. ਧਲਵਿੰਦਰ ਸਿੰਘ ਸਮੇਤ ਹੋਰ ਵੀ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ ਜਿਨ੍ਹਾਂ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ |