ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬਾਕਰਵਾਲ ਵਲੋਂ ਸਿੱਖ ਮਿਸ਼ਨਰੀ ਕਾਲਜ ਰਜਿ: ਦੁਆਰਾ ਗੁਰੂ ਗ੍ਰੰਥ ਸਾਹਿਬ ਜੀ, ਦਸ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਸਬੰਧੀ ਇਕ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਗਿਆ | ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਬਾਕਰਵਾਲ ਮੋਗਾ ਦੇ ਤਕਰੀਬਨ 200 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵੰਸ਼ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਕੌਰ (ਪੰਜਵੀਂ) ਨੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ (ਸ਼ੀਲਡਾਂ) ਅਤੇ ਭਾਗ ਲੈਣ ਵਾਲਿਆਂ ਨੂੰ ਯੋਗਤਾ ਸਰਟੀਫਿਕੇਟ ਵੰਡੇ ਗਏ | ਇਸ ਸਮਾਰੋਹ ਦੌਰਾਨ ਪਿ੍ੰਸੀਪਲ ਕਿਰਨਜੋਤ ਕੌਰ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸਿੱਖੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਨਾਲ ਬੱਚਿਆਂ ਵਿਚ ਧਾਰਮਿਕ ਜਾਣਕਾਰੀ ਵਧਦੀ ਹੈ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਵਿਚ ਸਿੱਖ ਧਰਮ ਅਤੇ ਇਤਿਹਾਸ ਪ੍ਰਤੀ ਰੁਚੀ ਨੂੰ ਹੋਰ ਮਜ਼ਬੂਤ ਕੀਤਾ |