ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜਨਗਣਨਾ 2027 ਦੇ ਪਹਿਲੇ ਪੜ੍ਹਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀ ਕਰਨ ਸ਼ੁਰੂ ਹੋਵੇਗਾ | ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ 'ਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਇਹ ਵੈੱਬ ਪੋਰਟਲ ਅੰਗਰੇਜ਼ੀ, ਹਿੰਦੀ ਤੇ 14 ਖੇਤਰੀ ਭਾਸ਼ਾਵਾਂ ਵਿਚ ਉਪਲਬਧ ਹੈ | ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਕਰਨ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ | ਬਿਨ੍ਹਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਪਹਿਲਾਂ ਇਹ ਕੰਮ ਸਿਰਫ਼ ਕਾਗ਼ਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹਨ | ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ 'ਤੇ ਭਾਸ਼ਾ ਦੀ ਚੋਣ ਕਰਨ ਤੋਂ ਬਾਅਦ, ਆਪਣੇ ਮੋਬਾਈਲ ਨੰਬਰ ਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲਾਗ ਇਨ ਕੀਤਾ ਜਾ ਸਕਦਾ ਹੈ | ਪੋਰਟਲ 'ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਸਹੂਲਤ ਅਨੁਸਾਰ ਭਰੋ | ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇਕ 'ਸੈਲਫ-ਐਨੂਮਰੇਸ਼ਨ ਆਈ ਡੀ ਜਨਰੇਟ ਕਰਕੇ ਦੇਵੇਗਾ | ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਜਨਗਣਨਾ ਕਰਮਚਾਰੀਆਂ ਦੇ ਘਰ-ਘਰ ਜਾਣ ਦੀ ਜੋ ਵੀ ਤਰੀਕ ਤੈਅ ਹੋਵੇਗੀ, ਉਸ ਤੋਂ ਠੀਕ 15 ਦਿਨ ਪਹਿਲਾਂ 'ਸਵੈ-ਗਣਨਾ' ਦਾ ਪੋਰਟਲ ਉਸ ਖੇਤਰ ਦੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ |