ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ | ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ (ਖ਼ੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਜਨਗਣਨਾ ਸਬੰਧੀ ਜਾਣਕਾਰੀ ਤੇ ਜਾਗਰੂਕਤਾ ਲਈ ਇਕ ਵਿਸ਼ੇਸ਼ ਵੀਡੀਓ ਸਿਖਲਾਈ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨਾਲ ਸਾਂਝੀ ਕੀਤੀ ਜਾਵੇਗੀ ਜਿਸ ਨਾਲ ਜਨਗਣਨਾ ਸਬੰਧੀ ਪ੍ਰਕਿਰਿਆ ਆਸਾਨੀ ਨਾਲ ਮੁਕੰਮਲ ਕੀਤੀ ਜਾ ਸਕਦੀ ਹੈ | ਇਸ ਪ੍ਰਤੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਐਸ.ਡੀ.ਐਮ. ਮੋਗਾ ਸੂਰਜ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਲਫ ਇਨਿਊਮਰੇਸ਼ਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ | ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ | ਉਨ੍ਹਾਂ ਕਿਹਾ ਕਿ ਉਹ ਆਪਣੀ, ਆਪਣੇ ਦਫ਼ਤਰ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੈਲਫ-ਇਨਿਊਮਰੇਸ਼ ਨੂੰ ਜ਼ਰੂਰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸੈਲਫ ਹੈਲਪ ਗਰੁੱਪਾਂ, ਪੰਚਾਂ, ਸਰਪੰਚਾਂ ਦਾ ਸਹਿਯੋਗ ਲਿਆ ਜਾਵੇ | ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਤੇ ਹੋਰ ਨਾਲ ਜੁੜੇ ਲੋਕਾਂ ਨੂੰ ਜਨਗਣਨਾ ਤਹਿਤ ਖ਼ੁਦ ਜਾਣਕਾਰੀ ਭਰਨ ਲਈ ਪ੍ਰੇਰਿਤ ਕੀਤਾ ਜਾਵੇ | ਇਸ ਤੋਂ ਇਲਾਵਾ ਸਮੂਹ ਐਸ.ਡੀ.ਐਮ. ਨੂੰ ਆਪੋ ਆਪਣੇ ਅਧਿਕਾਰ ਖੇਤਰ ਵਿਚ ਮਰਦਮਸ਼ੁਮਾਰੀ ਬਾਰੇ ਜਾਗਰੂਕਤਾ ਲਈ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖ਼ੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਪਹਿਲਾਂ ਇਹ ਕੰਮ ਸਿਰਫ਼ ਕਾਗ਼ਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ | ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ |