ਬਾਘਾ ਪੁਰਾਣਾ, 25 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਿਹਾ ਪਰ ਸਰਕਾਰਾਂ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਰਾਜਾ ਮਾਣੂੰਕੇ ਨੇ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਮੋਗਾ ਦੇ ਹਰੇਕ ਬਲਾਕ 'ਚ ਕਣਕ ਦੀ ਪੱਕੀ ਫਸਲ ਨੂੰ ਕਿਸੇ ਨਾ ਕਿਸੇ ਕਾਰਨ ਭਿਆਨਕ ਅੱਗ ਲੱਗੀ ਜਿਸ ਕਾਰਨ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਪਰ ਜ਼ਿਲ੍ਹੇ ਦੇ ਹਲਕਾ ਵਿਧਾਇਕ, ਸਰਕਾਰੀ ਅਧਿਕਾਰੀ ਜਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਤੱਕ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ ਪੀੜਤ ਕਿਸਾਨਾਂ ਦਾ ਆਰਥਿਕ ਤੌਰ 'ਤੇ ਵੱਡਾ ਨੁਕਸਾਨ ਹੋ ਜਾਂਦਾ ਹੈ ਅਤੇ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਿਸਾਨਾਂ ਨੂੰ ਕਰਜ਼ਾ ਮੁਕਤ ਨਹੀਂ ਕਰਦਿਆਂ ਸਗੋਂ ਕਿਸਾਨਾਂ ਨੂੰ ਖੁਦਕੁਸ਼ੀਆਂ ਵੱਲ ਧੱਕ ਦਿੰਦੀਆਂ ਹਨ | ਉਨ੍ਹਾਂ ਸਮੂਹ ਜਥੇਬੰਦੀ ਵਲੋਂ ਮੰਗ ਕੀਤੀ ਕਿ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਦੀ ਪੂਰਤੀ ਲਈ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇ |