ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੇਂਡੂ ਤੇ ਸ਼ਹਿਰੀ ਖੇਤਰ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਨਾਲ ਜਿੱਥੇ ਕਾਰੋਬਾਰਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਖੇਤੀਬਾੜੀ ਤੇ ਆਮ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਕਾਹਨ ਸਿੰਘ ਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਜਲੀ ਸਰਪਲੱਸ ਸੂਬਾ ਹੋਣ ਦੇ ਦਾਅਵਿਆਂ ਦੀ ਫ਼ੂਕ ਨਿਕਲ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੀ ਵੱਧ ਰਹੀ ਮੰਗ ਨੂੰ ਦੇਖਦੇ ਹੋਏ ਕੋਈ ਵੀ ਅਗਾਊਾ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਿਸ ਨਾਲ ਬਿਜਲੀ ਕੱਟਾਂ ਦੀ ਮਾਰ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਸਮੇਂ ਬਿਜਲੀ ਦੀ ਮੰਗ ਨੂੰ ਦੇਖਦੇ ਹੋਏ ਵੱਡੇ-ਵੱਡੇ ਥਰਮਲ ਪਲਾਂਟ ਲਗਾਏ ਗਏ ਸਨ ਜਿਸ ਨਾਲ ਲੋਕਾਂ ਦੀ ਬਿਜਲੀ ਦੀ ਮੰਗ ਪੂਰੀ ਹੁੰਦੀ ਸੀ | ਇਸ ਸਮੇਂ ਇੰਦਰਜੀਤ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਧਰਮ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ ਢਿੱਲੋਂ, ਹਰਬੰਸ ਸਿੰਘ ਰੰਧਾਵਾ ਹਾਜ਼ਰ ਸਨ |