ਬਾਘਾ ਪੁਰਾਣਾ, 28 ਅਪ੍ਰੈਲ (ਟਿੰਕੂ ਕਾਠਪਾਲ)-ਸਥਾਨਕ ਸ਼ਹਿਰ ਦੇ ਕੋਟਕਪੂਰਾ ਰੋਡ ਉੱਪਰ ਸਥਿਤ ਲੱਕੀ ਟਰੇਡਿੰਗ ਕੰਪਨੀ ਨਾਮ ਦੀ ਕਬਾੜ ਦੀ ਦੁਕਾਨ ਵਿਚ ਬੀਤੀ ਰਾਤ ਕਰੀਬ 11 ਵਜੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਦੁਕਾਨ ਮਾਲਕਾਂ ਨੂੰ ਲੱਖਾਂ ਰੁਪਏ ਦਾ ਭਾਰੀ ਨੁਕਸਾਨ ਝੱਲਣਾ ਪਿਆ | ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਇਲਾਕੇ ਵਿਚ ਹੜਕੰਪ ਮੱਚ ਗਿਆ ਅਤੇ ਵੱਡੀ ਗਿਣਤੀ ਵਿਚ ਲੋਕ ਮੌਕੇ 'ਤੇ ਇਕੱਠੇ ਹੋ ਗਏ | ਦੁਕਾਨ ਮਾਲਕ ਅਮਨ ਤਨੇਜਾ ਅਤੇ ਲੱਕੀ ਤਨੇਜਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਸਮੇਂ ਕਿਸੇ ਵਿਅਕਤੀ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਗੋਦਾਮ ਵਿਚ ਅੱਗ ਲੱਗ ਗਈ ਹੈ | ਜਦੋਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਦੁਕਾਨ ਅੰਦਰ ਰੱਖੀ ਰੱਦੀ, ਅਖ਼ਬਾਰਾਂ, ਕਾਪੀਆਂ ਅਤੇ ਹੋਰ ਸਮਾਨ ਨੂੰ ਅੱਗ ਨੇ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲਿਆ ਹੋਇਆ ਸੀ | ਅੱਗ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਕੁਝ ਸਮੇਂ ਵਿਚ ਹੀ ਸਾਰਾ ਸਮਾਨ ਸੜਨਾ ਸ਼ੁਰੂ ਹੋ ਗਿਆ | ਉਨ੍ਹਾਂ ਤੁਰੰਤ ਫਾਇਰ ਬਿਗ੍ਰੇਡ ਨੂੰ ਸੂਚਿਤ ਕੀਤਾ, ਜਿਸ ਉਪਰੰਤ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ | ਕਰਮਚਾਰੀਆਂ ਨੇ ਬੜੀ ਮੁਸ਼ਕਲ ਅਤੇ ਜੱਦੋ ਜਹਿਦ ਨਾਲ ਅੱਗ 'ਤੇ ਕਾਬੂ ਪਾਇਆ | ਅੱਗ ਦੇ ਭਿਆਨਕ ਰੂਪ ਕਾਰਨ ਇਸ ਨੂੰ ਬੁਝਾਉਣ ਵਿਚ ਕਾਫੀ ਸਮਾਂ ਲੱਗਿਆ | ਫਾਇਰ ਕਰਮਚਾਰੀਆਂ ਦੀ ਤਤਪਰਤਾ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋਇਆ, ਨਹੀਂ ਤਾਂ ਅੱਗ ਨਾਲ ਆਸ-ਪਾਸ ਦੀਆਂ ਹੋਰ ਦੁਕਾਨਾਂ ਵੀ ਪ੍ਰਭਾਵਿਤ ਹੋ ਸਕਦੀਆਂ ਸਨ | ਦੁਕਾਨ ਮਾਲਕਾਂ ਦੇ ਅਨੁਸਾਰ ਇਸ ਅੱਗ ਕਾਰਨ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਕਾਰੋਬਾਰੀ ਨੁਕਸਾਨ ਹੋਇਆ ਹੈ ਅਤੇ ਅੱਗ ਦੇ ਕਾਰਨਾਂ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਨਹੀਂ ਮਿਲੀ | ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਾਇਦ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੋਵੇ, ਹਾਲਾਂ ਕਿ ਅਧਿਕਾਰਕ ਪੁਸ਼ਟੀ ਨਹੀਂ ਹੋਈ | ਇਸ ਦੌਰਾਨ ਮੌਕੇ 'ਤੇ ਪਹੁੰਚੇ ਸ਼ਹਿਰ ਵਾਸੀਆਂ ਨੇ ਦੁਕਾਨ ਮਾਲਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਲੋਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਛੋਟੇ ਵਪਾਰੀਆਂ ਨੂੰ ਵੱਡਾ ਝਟਕਾ ਲੱਗਦਾ ਹੈ, ਇਸ ਲਈ ਸਰਕਾਰ ਨੂੰ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਫਿਲਹਾਲ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ |