ਨਿਹਾਲ ਸਿੰਘ ਵਾਲਾ, 28 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਨਗਰ ਪੰਚਾਇਤ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਗੰਭੀਰ ਚਰਚਾ ਕੀਤੀ | ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਦੱਸਿਆ ਕਿ ਬਾਰ-ਬਾਰ ਪ੍ਰਸ਼ਾਸਨ ਨੂੰ ਮੰਗਾਂ ਬਾਰੇ ਅਗਾਹ ਕਰਨ ਦੇ ਬਾਵਜੂਦ ਵੀ ਕੋਈ ਸੰਤੋਸ਼ਜਨਕ ਹੱਲ ਨਹੀਂ ਨਿਕਲਿਆ | ਇਸ ਕਾਰਨ ਸਫ਼ਾਈ ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸਫ਼ਾਈ ਸੇਵਕ ਯੂਨੀਅਨ ਵਲੋਂ 6 ਮਈ ਤੋਂ ਕੰਮ ਛੱਡ ਹੜਤਾਲ ਸ਼ੁਰੂ ਕੀਤੀ ਜਾਵੇਗੀ | ਹੜਤਾਲ ਦੌਰਾਨ ਸਾਰੇ ਕਰਮਚਾਰੀ ਆਪਣੀਆਂ ਡਿਊਟੀਆਂ ਤੋਂ ਦੂਰ ਰਹਿ ਕੇ ਧਰਨੇ ਅਤੇ ਪ੍ਰਦਰਸ਼ਨ ਕਰਨਗੇ | ਯੂਨੀਅਨ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਇਕਜੁੱਟ ਰਹਿਣ ਦੀ ਅਪੀਲ ਵੀ ਕੀਤੀ |