ਮੋਗਾ, 1 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਰਤੀ ਵਾਲਮੀਕਿ ਧਰਮ ਸਮਾਜ ਸੰਗਠਨ ਦੀ ਟੀਮ ਵਲੋਂ ਸਮੁੱਚੇ ਵਾਲਮੀਕਿ ਭਾਈਚਾਰੇ ਨੇ ਮੋਗਾ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਇਕ ਇਕੱਠ ਕੀਤਾ | ਇਸ ਵਿਚ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ਪ੍ਰਧਾਨ ਹਰਬੰਸ ਸਾਗਰ, ਪੰਜਾਬ ਦੇ ਉਪ ਪ੍ਰਧਾਨ ਰਾਹੁਲ ਉਜੀਨਵਾਲ, ਜ਼ਿਲ੍ਹਾ ਪ੍ਰਧਾਨ ਸੂਰਜ ਜਾਦੂ, ਸੀਨੀਅਰ ਉਪ ਪ੍ਰਧਾਨ ਸਾਜਨ ਚਾਂਵਰੀਆ ਅਤੇ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਰਾਜਪੂਤ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਸਮਾਗਮ ਵਿਚ ਆਉਣ ਤੇ ਸਨਮਾਨਿਤ ਕੀਤਾ ਅਤੇ ਮੋਗਾ ਵਿਖੇ ਭਾਵਦਾਸ ਸੰਗਠਨ ਦੇ ਸਮੁੱਚੇ ਵਾਲਮੀਕਿ ਭਾਈਚਾਰੇ ਵਲੋਂ ਮੰਗ ਕਰਦੇ ਹੋਏ ਮੋਗਾ ਸ਼ਹਿਰ ਵਿਚ ਭਗਵਾਨ ਵਾਲਮੀਕਿ ਚੌਕ ਸਥਾਪਤ ਕਰਨ ਲਈ ਇਕ ਮੰਗ ਪੱਤਰ ਸੌਂਪਿਆ | ਇਸ ਮੌਕੇ ਭਾਵਾਧਸ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਜਾਦੂ ਨੇ ਕਿਹਾ ਕਿ ਭਾਈਚਾਰੇ ਦੀ ਇਹ ਮੰਗ ਕਈ ਸਾਲਾਂ ਤੋਂ ਚੱਲ ਰਹੀ ਹੈ ਹਾਲਾਂ ਕਿ ਕਿਸੇ ਵੀ ਪਿਛਲੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ | ਸਿੱਟੇ ਵਜੋਂ ਉਹ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਅਪੀਲ ਕਰ ਰਹੇ ਹਨ ਕਿ ਵਾਲਮੀਕਿ ਭਾਈਚਾਰੇ ਦੀ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਬੇਨਤੀ ਨੂੰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਸ ਦੀ ਪੂਰਤੀ ਨੂੰ ਯਕੀਨੀ ਬਣਾਉਣ ਲਈ ਯਤਨ ਕਰਨਗੇ |