ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਕੁਦਰਤੀ ਆਫ਼ਤਾਂ, ਹੜ੍ਹਾਂ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਨੀਤੀ 'ਤੇ ਸਵਾਲ ਖੜ੍ਹੇ ਕੀਤੇ ਹਨ | ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਜਦੋਂ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਨ ਲਈ ਸੈਟੇਲਾਈਟ ਤਕਨਾਲੋਜੀ ਦਾ ਸਹਾਰਾ ਲੈਂਦੀ ਹੈ ਤਾਂ ਫਿਰ ਕੁਦਰਤੀ ਆਫ਼ਤਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਟਵਾਰੀਆਂ ਅਤੇ ਕਾਨੂੰਗੋਆਂ ਤੋਂ ਸਰਵੇ ਕਿਉਂ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸੈਟੇਲਾਈਟ ਤਕਨਾਲੋਜੀ ਰਾਹੀਂ ਹੀ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਸੁੱਖ ਗਿੱਲ ਮੋਗਾ ਨੇ ਦੋਸ਼ ਲਾਇਆ ਕਿ ਸਰਕਾਰੀ ਸਰਵੇ ਪ੍ਰਕਿਰਿਆ ਬਹੁਤ ਧੀਮੀ ਹੈ, ਜਿਸ ਕਾਰਨ ਕਿਸਾਨਾਂ ਨੂੰ ਸਮੇਂ ਸਿਰ ਰਾਹਤ ਨਹੀਂ ਮਿਲ ਰਹੀ | ਇਸ ਮੌਕੇ ਆਜ਼ਾਦ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੱਚੀਆਂ ਪੈਲੀਆਂ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਮਾਮਲੇ ਵਿਚ ਸਰਕਾਰ ਟਾਲ-ਮਟੋਲ ਕਰ ਰਹੀ ਹੈ | ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਜ਼ਾਦ ਕਿਸਾਨ ਮੋਰਚੇ ਦੀਆਂ 15 ਜਥੇਬੰਦੀਆਂ ਵਲੋਂ ਸਰਕਾਰ ਨੂੰ 30 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਸੀ ਕਿ ਕੱਚੀਆਂ ਪੈਲੀਆਂ ਵਾਲੇ ਆਬਾਦਕਾਰ ਕਿਸਾਨਾਂ ਨੂੰ ਵੀ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇ ਪਰ ਸਰਕਾਰ ਨੇ ਕੋਈ ਵੀ ਐਲਾਨ ਨਹੀਂ ਕੀਤਾ ਤਾਂ ਹੀ ਸੰਘਰਸ਼ ਨੂੰ ਤੇਜ਼ ਕਰ ਕੇ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਫ਼ਰੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਟੋਲ ਅਣਮਿਥੇ ਸਮੇਂ ਲਈ ਪੰਜਾਬ ਦੇ ਸਾਰੇ ਟੋਲ-ਪਲਾਜ਼ੇ ਮੁਫ਼ਤ ਕਰਵਾਏ ਜਾਣਗੇ ਅਤੇ ਕਿਸਾਨ ਵੱਡੀ ਗਿਣਤੀ ਵਿਚ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ | ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ | ਇਸ ਮੌਕੇ ਦਲਜੀਤ ਸਿੰਘ ਜਨਰਲ ਸਕੱਤਰ ਪੰਜਾਬ, ਪਿੱਪਲ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ, ਬਲਵਿੰਦਰ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ, ਕੁਲਜੀਤ ਸਿੰਘ ਰੌਂਤਾ ਜ਼ਿਲ੍ਹਾ ਯੂਥ ਪ੍ਰਧਾਨ ਮੋਗਾ, ਚੰਦਨਦੀਪ ਸਿੰਘ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਗੁਰਚਰਨ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਮੋਗਾ, ਦੀਪ ਸ਼ਹਿਰੀ ਪ੍ਰਧਾਨ ਮੁਦਕੀ, ਜਗਤਾਰ ਸਿੰਘ ਦਾਨੇਵਾਲਾ ਆਦਿ ਹਾਜ਼ਰ ਸਨ |