ਮੋਗਾ, 5 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਹਥਿਆਰ ਲੈ ਕੇ ਚੱਲਣ ਅਤੇ ਉਸ ਦੇ ਪ੍ਰਦਰਸ਼ਨ ਤੇ ਪੂਰਨ ਤੌਰ 'ਤੇ ਰੋਕ ਲਗਾਈ ਗਈ ਹੈ | ਇਹ ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ.ਆਰ.ਪੀ.ਐਫ. ਕਰਮਚਾਰੀਆਂ ਜਿਨ੍ਹਾਂ ਪਾਸ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਲਾਇਸੰਸ ਧਾਰਕਾਂ ਉੱਪਰ ਲਾਗੂ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਹਥਿਆਰ ਲੈ ਕੇ ਚੱਲਣ ਨਾਲ ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਹੈ, ਜਿਸ ਨਾਲ ਕਿ ਕਾਨੂੰਨ ਦੀ ਪਾਲਣਾ ਲਈ ਤਾਇਨਾਤ ਕੀਤੇ ਗਏ ਵਿਅਕਤੀਆਂ ਦੇ ਕੰਮਾਂ ਵਿਚ ਵਿਘਨ ਪੈ ਸਕਦਾ ਹੈ | ਇਸ ਲਈ ਜ਼ਿਲ੍ਹਾ ਮੋਗਾ ਵਿਚ ਲਾਇਸੰਸੀ ਹਥਿਆਰ ਅਤੇ ਹੋਰ ਹਰ ਪ੍ਰਕਾਰ ਦੇ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਛੁਰੇ, ਤਿ੍ਸ਼ੂਲ ਆਦਿ ਸ਼ਾਮਿਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੇਤੀਆ ਵਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਵੀ ਪਾਬੰਦੀ ਲਗਾਈ ਹੈ | ਉਨ੍ਹਾਂ ਕਿ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਵਾਰ ਮੌਤਾਂ ਵੀ ਹੋਈਆਂ ਹਨ | ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜਰੂਰੀ ਹੈ | ਇਹ ਦੋਨੋਂ ਪਾਬੰਦੀ ਆਦੇਸ਼ 30 ਜੂਨ 2026 ਤੱਕ ਲਾਗੂ ਰਹਿਣਗੇ |