ਧਰਮਕੋਟ, 6 ਮਈ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਪੈਨਸ਼ਨਰਾਂ ਅਤੇ ਆਮ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਆਂ ਪੈਨਸ਼ਨਾਂ ਵਿਚ ਵਾਧਾ ਕਰਨ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਹਕੀਕਤ ਇਸ ਦੇ ਬਿਲਕੁਲ ਉਲਟ ਸਾਹਮਣੇ ਆ ਰਹੀ ਹੈ, ਕਿਉਂਕਿ ਜਿੱਥੇ ਨਵੀਆਂ ਪੈਨਸ਼ਨਾਂ ਵਿਚ ਕੋਈ ਢੰਗ ਦਾ ਸੁਧਾਰ ਨਹੀਂ ਕੀਤਾ ਗਿਆ ਉੱਥੇ ਕਈ ਪੁਰਾਣੇ ਹੱਕਦਾਰਾਂ ਦੀਆਂ ਪੈਨਸ਼ਨਾਂ ਤੱਕ ਰੋਕ ਦਿੱਤੀਆਂ ਗਈਆਂ ਹਨ ਜਿਸ ਕਾਰਨ ਬਜ਼ੁਰਗਾਂ ਵਿਧਵਾਵਾਂ ਅਤੇ ਹੋਰ ਲਾਭਪਾਤਰੀਆਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਸੂਬੇ ਦਾ ਖ਼ਜ਼ਾਨਾ ਪੂਰੀ ਤਰ੍ਹਾਂ ਡਗਮਗਾ ਚੁੱਕਾ ਹੈ ਅਤੇ ਸਰਕਾਰ ਕੋਲ ਲੋਕ ਭਲਾਈ ਯੋਜਨਾਵਾਂ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਕੋਈ ਢੁਕਵੀਂ ਯੋਜਨਾ ਨਹੀਂ ਰਹੀ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਅੱਜ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਬਰਜਿੰਦਰ ਸਿੰਘ ਬਰਾੜ ਨੇ ਦੋਸ਼ ਲਗਾਇਆ ਕਿ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਵਿਚ ਮਸਤ ਹੈ ਜਦ ਕਿ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ ਅਤੇ ਲੋਕ ਹੁਣ ਬਦਲਾਅ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਦੇ ਅਨੁਸਾਰ ਬਜ਼ੁਰਗ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਹੀ ਦੁਖਦਾਈ ਹੈ ਕਿਉਂਕਿ ਇਹ ਉਹ ਵਰਗ ਹੈ, ਜਿਸ ਨੂੰ ਸਭ ਤੋਂ ਵੱਧ ਸਹਾਰੇ ਦੀ ਲੋੜ ਹੁੰਦੀ ਹੈ | ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋਕ ਹਿਤਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮੁੜ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਆਪਣੀ ਪਕੜ ਬਣਾਉਂਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਵੀ ਸਿਖਰਲੇ ਮੁਕਾਮ ਹਾਸਲ ਕਰੇਗੀ |