ਬਾਘਾ ਪੁਰਾਣਾ, 6 ਮਈ (ਟਿੰਕੂ ਕਾਠਪਾਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਿਵੀਜ਼ਨ ਬਾਘਾ ਪੁਰਾਣਾ ਵਿਚ ਡਰੱਗ ਅਤੇ ਸਮਾਜਿਕ ਆਰਥਿਕ ਜਨਗਣਨਾ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਰਵੇਖਣ ਦਾ ਮੁੱਖ ਉਦੇਸ਼ ਇਲਾਕੇ ਵਿਚ ਨਸ਼ਾ ਪੀੜਤਾਂ ਦੀ ਸਥਿਤੀ ਅਤੇ ਲੋਕਾਂ ਦੀ ਸਮਾਜਿਕ ਹਾਲਤ ਬਾਰੇ ਸਹੀ ਜਾਣਕਾਰੀ ਇਕੱਠੀ ਕਰਨਾ ਹੈ ਤਾਂ ਜੋ ਭਵਿੱਖ ਵਿਚ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਣ | ਐਸ.ਡੀ.ਐਮ. ਬਾਘਾ ਪੁਰਾਣਾ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਜਨਗਣਨਾ ਟੀਮਾਂ ਵਲੋਂ ਘਰ ਘਰ ਜਾ ਕੇ ਡਾਟਾ ਇਕੱਠਾ ਕੀਤਾ ਜਾਵੇਗਾ | ਉਨ੍ਹਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ | ਉਨ੍ਹਾਂ ਨੇ ਦੱਸਿਆ ਕਿ ਇਕੱਠੀ ਕੀਤੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਸਰਵੇਖਣ ਨਸ਼ਾ ਮੁਕਤੀ ਮੁਹਿੰਮ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦਾ ਜੀਵਨ ਪੱਧਰ ਨੂੰ ਸੁਧਾਰਨ ਵਿਚ ਮਦਦਗਾਰ ਸਾਬਿਤ ਹੋਵੇਗਾ | ਉਨ੍ਹਾਂ ਦੱਸਿਆ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅਧੀਨ ਸਰਵੇ ਦੀ ਪ੍ਰਕਿਰਿਆ ਡਿਜੀਟਲ ਮੋਡ ਰਾਹੀਂ ਸਰਕਾਰ ਵਲੋਂ ਦਿੱਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ | ਐਸ.ਡੀ.ਐਮ. ਨੇ ਦੱਸਿਆ ਕਿ ਸਬ ਡਿਵੀਜ਼ਨ ਬਾਘਾ ਪੁਰਾਣਾ ਵਿਚ ਲੋੜੀਂਦੀਆਂ ਟੀਮਾਂ ਨੂੰ ਟ੍ਰੇਨਿਗਾਂ ਦਿੱਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਤਹਿਸੀਲ ਵਾਸੀ ਇਸ ਜਨਗਣਨਾ ਨੂੰ ਪੂਰਨ ਸਟੀਕ ਤੌਰ ਤੇ ਕਰਵਾਉਣ ਲਈ ਆਪਣਾ ਸਹੀ ਡਾਟਾ ਹੀ ਟੀਮਾਂ ਨੂੰ ਮੁਹੱਈਆ ਕਰਵਾਉਣ | ਉਨ੍ਹਾਂ ਜਨਗਣਨਾ ਟੀਮਾਂ ਨੂੰ ਵੀ ਕਿਹਾ ਕਿ ਉਹ ਇਸ ਕੰਮ ਵਿਚ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ |