ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ, ਮੋਗਾ ਜ਼ਿਲੇ੍ਹ ਦੇ ਪਿੰਡ ਦੌਲਤਪੁਰਾ ਨੀਵਾਂ ਦੇ ਨੌਜਵਾਨਾਂ ਲਈ 46 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਕ ਨਵੇਂ ਖੇਡ ਗਰਾਊਾਡ ਦਾ ਰਸਮੀ ਉਦਘਾਟਨ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ | ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਸਮੁੱਚੀ ਗ੍ਰਾਮ ਪੰਚਾਇਤ ਦੇ ਨਾਲ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਪਿੰਡ ਪਹੁੰਚਣ 'ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਅਤੇ ਖੇਡ ਗਰਾਊਾਡ ਦਾ ਉਦਘਾਟਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ, ਨਾਲ ਹੀ ਉਨ੍ਹਾਂ ਦੀ ਸਿਹਤ ਅਤੇ ਸਰੀਰਕ ਤਾਕਤ ਨੂੰ ਹੋਰ ਵਧਾਉਣ ਵਿਚ ਵੀ ਸਹਾਇਤਾ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਭਰ ਦੇ ਪਿੰਡਾਂ ਦੇ ਵਿਕਾਸ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ | ਉਨ੍ਹਾਂ ਦੱਸਿਆ ਕਿ ਉਸੇ ਪਿੰਡ ਦੇ ਅੰਦਰ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਇਕ ਬੁੱਤ ਦਾ ਉਦਘਾਟਨ ਵੀ ਕੀਤਾ ਗਿਆ ਸੀ | ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਮੋਗਾ ਖੇਤਰ ਦੇ ਨੌਜਵਾਨਾਂ ਨੂੰ ਵਧੀਆਂ ਖੇਡ ਸਹੂਲਤਾਂ ਪ੍ਰਦਾਨ ਕਰਨਾ ਅਤੇ ਖੇਡਾਂ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਜਿਵੇਂ ਕਿ ਨਸ਼ਿਆਂ ਦੀ ਦੁਰਵਰਤੋਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਉਸ ਨੇ ਖੇਡ ਮੈਦਾਨ ਵਿਚ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਵਿਚ ਦੱਸਿਆ ਕਿ ਖੇਡ ਮੈਦਾਨ ਲਗਭਗ ਇਕ ਏਕੜ ਦੇ ਖੇਤਰ ਵਿਚ ਵਿਕਸਤ ਕੀਤਾ ਗਿਆ ਹੈ | ਇਸ ਮੌਕੇ ਪਿੰਡ ਦੇ ਵਸਨੀਕਾਂ ਨੇ ਇਸ ਪਹਿਲਕਦਮੀ ਲਈ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦੇ ਹੋਏ ਬਹੁਤ ਉਤਸ਼ਾਹ ਪ੍ਰਗਟ ਕੀਤਾ |