ਮੋਗਾ, 6 ਮਈ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਮੋਗਾ ਅਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਮਾਣਯੋਗ ਹਾਈ ਕੋਰਟ ਦੁਆਰਾ ਦਿੱਤੇ ਗਏ 58 ਪ੍ਰਤੀਸ਼ਤ ਮਹਿੰਗਾਈ ਭੱਤੇ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਥਾਂ ਹੁਣ ਉਸ ਖਿਲਾਫ ਐਲ.ਪੀ.ਏ. ਦਾਇਰ ਕਰ ਦਿੱਤੀ ਗਈ ਹੈ ਜਿਸ ਕਰਕੇ ਮੁਲਾਜ਼ਮਾਂ ਵਿਚ ਰੋਸ ਹੈ | ਆਗੂਆਂ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੁਲਾਜ਼ਮਾਂ ਨੂੰ ਪੂਰੀ ਆਸ ਹੈ ਕਿ ਪੰਜਾਬ ਸਰਕਾਰ ਦੀ ਐਲ.ਪੀ.ਏ. ਨੂੰ ਰੱਦ ਕਰਕੇ ਮੁਲਾਜ਼ਮਾਂ ਨੂੰ ਇਨਸਾਫ਼ ਦੇਵੇਗੀ | ਸਰਕਾਰ ਨੂੰ ਲਿਆਉਣ ਵਿਚ ਮੁਲਾਜ਼ਮਾਂ ਨੇ ਵੱਡਾ ਰੋਲ ਅਦਾ ਕੀਤਾ ਸੀ ਪਰ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ | ਪੇਂਡੂ ਭੱਤਾ ਅਤੇ ਹੋਰ ਕੱਟੇ ਹੋਏ ਭੱਤੇ ਬਹਾਲ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਇਕ ਹੋ ਕਿ ਸਰਕਾਰ ਖਿਲਾਫ ਤਕੜੇ ਸੰਘਰਸ਼ ਸ਼ੁਰੂ ਕਰਨਗੇ |